ਨਗਰ ਨਿਗਮ ਚੋਣਾਂ : ਅਤਿ ਸੰਵੇਦਨਸ਼ੀਲ ਬੂਥਾਂ ਦੀ ਹੋਵੇਗੀ ਵੀਡੀਓਗ੍ਰਾਫੀ

12/12/2017 10:36:05 AM

ਅੰਮ੍ਰਿਤਸਰ (ਕਮਲ) - ਸੋਮਵਾਰ ਸਥਾਨਕ ਜ਼ਿਲਾ ਪ੍ਰੀਸ਼ਦ ਹਾਲ ਵਿਖੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸਮੂਹ ਰਿਟਰਨਿੰਗ ਅਫਸਰ/ਸਹਾਇਕ ਰਿਟਰਨਿੰਗ ਅਫਸਰ ਅਤੇ ਰਾਜਨੀਤਕ ਦਲਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ. ਸੰਘਾ ਨੇ ਦੱਸਿਆ ਕਿ 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੀ ਵੋਟਿੰਗ ਦਾ ਸਮਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ ਅਤੇ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਸੰਘਾ ਨੇ ਸਮੂਹ ਰਾਜਨੀਤਕ ਦਲਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਾਂ ਕਰਵਾਉਣ ਵਿਚ ਜ਼ਿਲਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਅਤਿ ਸੰਵੇਦਨਸ਼ੀਲ ਬੂਥਾਂ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ ਅਤੇ ਮਾਡਲ ਕੋਡ ਆਫ ਕੰਡਕਟ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। 
ਇਸ ਮੌਕੇ ਅਮਰੀਕ ਸਿੰਘ ਪਵਾਰ ਡੀ. ਸੀ. ਪੀ. ਨੇ ਦੱਸਿਆ ਕਿ 1400 ਪੁਲਸ ਮੁਲਾਜ਼ਮਾਂ ਨੂੰ ਰਿਜ਼ਰਵ ਤੌਰ 'ਤੇ ਰੱਖਿਆ ਗਿਆ ਹੈ ਜੋ ਵੱਖ-ਵੱਖ ਚੌਕਾਂ ਵਿਚ ਤਾਇਨਾਤ ਹੋਣਗੇ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਗੇ।  
ਇਸ ਸਮੇਂ ਸਮੂਹ ਰਾਜਨੀਤਕ ਦਲਾਂ ਵੱਲੋਂ ਇਕ ਸੁਰ ਵਿਚ ਜ਼ਿਲਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਅਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮੂਹ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪਾਰਦਰਸ਼ੀ ਢੰਗ ਨਾਲ ਕੰਮ ਕੀਤਾ ਹੈ ਅਤੇ ਕਿਸੇ ਵੀ ਦਬਾਅ ਵਿਚ ਨਹੀਂ ਆਏ।    
ਇਸ ਮੀਟਿੰਗ ਵਿਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਵਿਕਾਸ ਹੀਰਾ ਐੱਸ. ਡੀ. ਐੱਮ. ਅੰਮ੍ਰਿਤਸਰ-2, ਸ਼੍ਰੀ ਨਿਤਿਨ ਸਿੰਗਲਾ ਐੱਸ. ਡੀ. ਐੱਮ. ਅੰਮ੍ਰਿਤਸਰ-1, ਰਵਿੰਦਰ ਸਿੰਘ ਅਰੋੜਾ ਕਾਰਜਕਾਰੀ ਮੈਜਿਸਟਰੇਟ, ਕਮਲਜੀਤ ਸਿੰਘ ਰਿਜਨਲ ਟਰਾਂਸਪੋਰਟ ਅਥਾਰਟੀ, ਮੁਕੇਸ਼ ਕੁਮਾਰ ਜ਼ਿਲਾ ਮਾਲ ਅਫਸਰ, ਜੀ. ਐੱਸ. ਗਿੱਲ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ, ਏ. ਪੀ. ਸਿੰਘ ਜ਼ਿਲਾ ਖੁਰਾਕ ਤੇ ਸਪਲਾਈ ਅਫਸਰ, ਸ਼੍ਰੀ ਜੁਗਲ ਕਿਸ਼ੋਰ ਸ਼ਰਮਾ ਜ਼ਿਲਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ, ਸ੍ਰੀ ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ਼੍ਰੀ ਰਾਜੇਸ਼ ਹਨੀ, ਸ. ਅਮਰਜੀਤ ਸਿੰਘ ਸੀ.ਪੀ.ਆਈ. ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਰਾਜਨੀਤਕ ਦਲਾਂ ਦੇ ਨੁਮਾਇੰਦੇ ਹਾਜ਼ਰ ਸਨ।