ਨਗਰ-ਨਿਗਮ ਚੋਣਾਂ ਦੇ ਚੱਲਦੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

11/14/2017 11:52:19 AM

ਖੰਨਾ/ਮਲੌਦ (ਸੁਖਵਿੰਦਰ ਕੌਰ, ਇਕਬਾਲ) : ਵਧੀਕ ਜ਼ਿਲਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਰਾਜ ਚੋਣ ਕਮਿਸ਼ਨ ਵੱਲੋਂ 1 ਜਨਵਰੀ 2017 ਨੂੰ ਆਧਾਰ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਅਨੁਸਾਰ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ 14 ਨਵੰਬਰ ਨੂੰ ਕੀਤੀ ਜਾਵੇਗੀ।
ਇਸ ਸਬੰਧੀ ਦਾਅਵੇ ਅਤੇ ਇਤਰਾਜ਼ 20 ਨਵੰਬਰ ਤਕ ਦਿੱਤੇ ਜਾ ਸਕਣਗੇ। 27 ਨਵੰਬਰ ਤਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਉਪਰੰਤ 28 ਨਵੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੌਰਾਨ ਜਿਸ ਕਿਸੇ ਨੇ ਵੀ ਨਵੀਂ ਵੋਟ ਬਣਾਉਣੀ ਹੈ ਜਾਂ ਕੋਈ ਦਰੁਸਤੀ ਕਰਵਾਉਣੀ ਹੈ ਜਾਂ ਵੋਟ ਕਟਵਾਉਣੀ ਹੈ ਤਾਂ ਆਪਣੇ ਬੀ. ਐੱਲ. ਓ. ਨਾਲ ਰਾਬਤਾ ਕਰ ਸਕਦਾ ਹੈ।