ਜਿੱਥੋਂ ਪਾਰਟੀ ਚੋਣਾਂ ਲੜਨ ਲਈ ਕਹੇਗੀ, ਫੈਸਲਾ ਖਿੜੇ ਮੱਥੇ ਪਰਵਾਨ : ਮੁਨੀਸ਼ ਤਿਵਾੜੀ
Friday, Feb 08, 2019 - 03:02 PM (IST)

ਲੁਧਿਆਣਾ : ਆਲ ਇੰਡੀਆਂ ਕਾਂਗਰਸ ਕਮੇਟੀ ਦੇ ਬੁਲਾਰੇ ਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਨੇ ਦੋਰਾਹਾ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੂਰੇ ਦੇਸ਼ ਅੰਦਰ ਭਾਜਪਾ ਵਿਰੋਧੀ ਲਹਿਰ ਪਾਈ ਜਾ ਰਹੀ ਹੈ ਅਤੇ ਲੋਕਾਂ ਦਾ ਉਤਸ਼ਾਹ ਪਿਛਲੀ ਡਾ. ਮਨਮੋਹਨ ਸਿੰਘ ਦੀ ਕਾਂਗਰਸ ਸਰਕਾਰ ਸਮੇਂ ਕੀਤੇ ਕਾਰਜਾਂ ਨੂੰ ਦੇਖਦੇ ਹੋਏ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਇਤਿਹਾਸਕ ਜਿੱਤ ਦਰਜ ਕਰੇਗੀ।
ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ, ਪਰ ਪਾਰਟੀ ਜਿੱਥੋਂ ਉਨ੍ਹਾਂ ਨੂੰ ਚੋਣ ਲੜਨ ਲਈ ਕਹੇਗੀ, ਉਹ ਪਾਰਟੀ ਦਾ ਫ਼ੈਸਲਾ ਖਿੜੇ ਮੱਥੇ ਪ੍ਰਵਾਨ ਕਰਨਗੇ। ਤਿਵਾੜੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਸਮੇਂ 'ਚ ਹੋਏ ਘੋਟਾਲਿਆਂ 'ਤੇ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਦੀ ਅਰਥ-ਵਿਵਸਥਾ ਬੁਰੀ ਤਰ੍ਹਾਂ ਲੜਖੜ੍ਹਾ ਗਈ ਹੈ ਅਤੇ ਦੇਸ਼ ਆਰਥਿਕ ਮੰਦਹਾਲੀ ਵੱਲ ਵਧ ਰਿਹਾ ਹੈ।