ਵਿਧਵਾ ਨੇ ਕੀਤੀ ਪਤੀ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ
Wednesday, Sep 27, 2017 - 01:39 AM (IST)

ਬਠਿੰਡਾ(ਸੁਖਵਿੰਦਰ)-ਇਕ ਵਿਧਵਾ ਵੱਲੋਂ ਐੱਸ. ਐੱਸ. ਪੀ. ਨੂੰ ਮੰਗ ਪੱਤਰ ਸੌਂਪ ਕੇ ਆਪਣੇ ਪਤੀ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਹੈ। ਪੀੜਤ ਔਰਤ ਨੇ ਕਿਹਾ ਕਿ ਜੇਕਰ ਪੁਲਸ ਵੱਲੋਂ ਉਸ ਦੇ ਪਤੀ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਜਾਵੇਗੀ। ਇਹ ਪ੍ਰਗਟਾਵਾ ਵਿਧਵਾ ਸੁਖਜੀਤ ਕੌਰ ਵਾਸੀ ਖੋਖਰ ਵੱਲੋਂ ਕੀਤਾ ਗਿਆ। ਉਸ ਨੇ ਕਿਹਾ ਕਿ ਉਨ੍ਹਾਂ ਦਾ ਪਿੰਡ ਦੇ ਹੀ ਇਕ ਵਿਅਕਤੀ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਬੀਤੇ ਮਹੀਨੇ ਜਦੋਂ ਉਸ ਦਾ ਪਤੀ ਕੁਲਦੀਪ ਸਿੰਘ ਰਾਮਾਂ ਮੰਡੀ ਵਿਖੇ ਦੁੱਧ ਪਾਉਣ ਲਈ ਜਾ ਰਿਹਾ ਸੀ ਤਾਂ ਰਸਤੇ 'ਚ ਪਿੰਡ ਦੇ ਕੁਝ ਵਿਅਕਤੀਆਂ ਨੇ ਘੇਰ ਕੇ ਉਸ ਦੇ ਪਤੀ 'ਤੇ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਵੱਲੋਂ ਗੰਭੀਰ ਹਾਲਤ 'ਚ ਉਸ ਦੇ ਪਤੀ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਸੀ। ਹਾਲਤ ਗੰਭੀਰ ਵੇਖਦਿਆਂ ਡਾਕਟਰਾਂ ਵੱਲੋਂ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿਥੇ ਉਸ ਦੀ ਮੌਤ ਹੋ ਗਈ ਸੀ। ਪੀੜਤ ਔਰਤ ਨੇ ਰੋਸ ਜਤਾਇਆ ਕਿ ਲਗਭਗ ਇਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪੁਲਸ ਵੱਲੋਂ ਮੁਲਜ਼ਮ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਤੇ ਉਹ ਸ਼ਰੇਆਮ ਸੜਕਾਂ 'ਤੇ ਘੁੰਮ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਹ ਇਨਸਾਫ਼ ਲੈਣ ਲਈ ਪੁਲਸ ਦੇ ਉੱਚ-ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਸੌਂਪ ਚੁੱਕੀ ਹੈ ਪਰ ਪੁਲਸ ਵੱਲੋਂ ਉਸ ਦੇ ਮਾਮਲੇ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਨੂੰ ਜਾਨੀ ਨੁਕਸਾਨ ਦਾ ਵੀ ਖਤਰਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੇ ਪਤੀ ਦੇ ਕਤਲ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।