ਮਾਮੂਲੀ ਵਿਵਾਦ ਨੇ ਧਾਰਿਆ ਖੌਫ਼ਨਾਕ ਰੂਪ, ਜਲਾਲਾਬਾਦ 'ਚ 3 ਧੀਆਂ ਦੇ ਪਿਓ ਦਾ ਬੇਰਹਿਮੀ ਨਾਲ ਕਤਲ

Wednesday, Apr 05, 2023 - 06:33 PM (IST)

ਮਾਮੂਲੀ ਵਿਵਾਦ ਨੇ ਧਾਰਿਆ ਖੌਫ਼ਨਾਕ ਰੂਪ, ਜਲਾਲਾਬਾਦ 'ਚ 3 ਧੀਆਂ ਦੇ ਪਿਓ ਦਾ ਬੇਰਹਿਮੀ ਨਾਲ ਕਤਲ

ਜਲਾਲਾਬਾਦ (ਨਿਖੰਜ,ਜਤਿੰਦਰ) : ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਂਦੇ ਪਿੰਡ ਨੱਥੂ ਦੁੱਲੇ ਕੇ ਵਿਖੇ ਬੀਤੀ 3 ਅਪ੍ਰੈਲ ਨੂੰ ਮੀਂਹ ਕਾਰਨ ਡਿੱਗੇ ਕੱਚੇ ਮਕਾਨ ਕਾਰਨ ਦੋ ਧਿਰਾਂ ਦਰਮਿਆਨ ਹੋਏ ਵਿਵਾਦ ’ਚ ਇੱਕ ਨੌਜਵਾਨ ਦੇ ਸਿਰ ’ਤੇ ਇੱਟ ਵੱਜਣ ਤੋਂ ਬਾਅਦ ਗੰਭੀਰ ਰੂਪ ’ਚ ਜ਼ਖ਼ਮੀ ਹੋਏ 3 ਧੀਆਂ ਦੇ ਪਿਉ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਬੰਧਤ ਦੇ ਐੱਸ. ਐਚ. ਓ.  ਜਤਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਨਾਨਕ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਗੁਆਂਢ 'ਚ ਰਹਿਣ ਵਾਲੇ ਪਰਿਵਾਰ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ ਅਤੇ ਜਿਨ੍ਹਾਂ ਦਾ ਕੱਚਾ ਮਕਾਨ ਉਨ੍ਹਾਂ ਦੇ ਘਰ ਦੇ ਨਾਲ ਲੱਗਦਾ ਹੈ। ਉੁਨ੍ਹਾਂ ਦੱਸਿਆ ਕਿ ਕਈ ਵਾਰ ਉਕਤ ਗੁਆਂਢੀਆਂ ਨੇ ਲੋਕਾਂ ਰਾਹੀਂ ਉਨ੍ਹਾਂ ਨੂੰ ਮਕਾਨ ਪੁੱਟਣ ਦਾ ਕਿਹਾ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣਾ ਮਕਾਨ ਨਹੀਂ ਪੁੱਟਿਆ। 

ਇਹ ਵੀ ਪੜ੍ਹੋ- ਮੁੜ ਗਰਮਾਇਆ ਜ਼ੀਰਾ ਸ਼ਰਾਬ ਫੈਕਟਰੀ ਦਾ ਮੁੱਦਾ, ਭਰੇ ਗਏ ਸੈਂਪਲਾਂ ਦੀ ਰਿਪੋਰਟ ਆਈ ਸਾਹਮਣੇ

ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਬੀਤੀ 3 ਅਪ੍ਰੈਲ ਦੀ ਦੁਪਹਿਰ ਨੂੰ ਲਗਭਗ 2 ਵਜੇ ਦੇ ਕਰੀਬ ਗੁਆਂਢੀਆਂ ਦਾ ਮਕਾਨ ਡਿੱਗਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਚ ਔਰਤਾਂ ਤੇ ਵਿਅਕਤੀਆਂ ਨੇ ਮੰਦਾ-ਚੰਗਾ ਕਹਿਣਾ ਸ਼ੁਰੂ ਕਰ ਦਿੱਤਾ ਅਤੇ ਸਾਡੇ ਘਰ ਇੱਟਾਂ-ਰੋੜੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਨਾਨਕ ਸਿੰਘ ਦੇ ਸਿਰ ’ਤੇ ਇੱਟ ਵੱਜਣ ਨਾਲ ਉਹ ਮੌਕੇ ’ਤੇ ਡਿੱਗ ਪਿਆ, ਜਿਸ ਨੂੰ ਇਲਾਜ ਲਈ ਗੁਰੂਹਰਸਹਾਏ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਵਲੋਂ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਫਰੀਦਕੋਟ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ, ਜਿੱਥੇ ਬੀਤੇ ਦਿਨੀਂ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਡਰੱਗ ਮਾਮਲੇ 'ਤੇ ਬੋਲੇ ਕੇਜਰੀਵਾਲ: ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹਾਂ 'ਚ ਸੁੱਟੇਗੀ ਪੰਜਾਬ ਸਰਕਾਰ

ਮ੍ਰਿਤਕ ਦੇ ਪਰਿਵਾਰ ਨੇ ਕਿਹਾ ਕਿ ਨਾਨਕ ਸਿੰਘ ਢੋਲ ਵਜਾ ਕੇ ਆਪਣੀ ਪਤਨੀ ਸਮੇਤ 3 ਧੀਆਂ ਦਾ ਪਾਲਣ-ਪੋਸ਼ਣ ਕਰਦਾ ਸੀ, ਜਿਸ ਦਾ ਗੁਆਂਢੀਆਂ ਵਲੋਂ ਉਸ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਦੇ ਉੱਚ-ਅਧਿਕਾਰੀਆਂ ਪਾਸੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਥਾਣਾ ਗੁਰੂਹਰਸਹਾਏ ਦੇ ਮੁਖੀ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਨਾਨਕ ਸਿੰਘ ਦੇ ਪਿਤਾ ਗੁਲਜ਼ਾਰ ਸਿੰਘ ਦੇ ਬਿਆਨਾਂ ’ਤੇ 7 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News