1984 ਦੀ ਸਿੱਖ ਨਸਲਕੁਸ਼ੀ ''ਚ ਸ਼ਾਮਲ ਕਾਂਗਰਸੀ ਆਗੂਆਂ ਖ਼ਿਲਾਫ਼ ਚਲਾਇਆ ਜਾਵੇ ਕਤਲ ਦਾ ਮੁਕੱਦਮਾ : ਮਜੀਠੀਆ

Wednesday, Aug 18, 2021 - 09:56 PM (IST)

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ 1984 ਦੀ ਸਿੱਖ ਨਸਲਕੁਸ਼ੀ ਵਿਚ ਸ਼ਾਮਲ ਸਾਰੇ ਕਾਂਗਰਸੀ ਆਗੂਆਂ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਕਿਉਂਕਿ ਹੁਣ ਪੰਜਾਬ ਕਾਂਗਰਸ ਦੇ ਵਿਧਾਇਕ ਨੇ ਆਪ ਮੰਨ ਲਿਆ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਦਾ ਕਤਲੇਆਮ ਕਰਵਾਇਆ ਗਿਆ ਸੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਖੁਦ ਹੀ ਇਹ ਸਾਜ਼ਿਸ਼ ਬੇਨਕਾਬ ਕਰ ਦਿੱਤੀ ਹੈ ਤੇ ਇਕ ਲਾਈਵ ਬਹਿਸ ਦੌਰਾਨ ਇਸ ਮਾਮਲੇ ਦਾ ਸੱਚ ਲੋਕਾਂ ਸਾਹਮਣੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ, 2 ਦੀ ਮੌਤ
ਉਨ੍ਹਾਂ ਕਿਹਾ ਕਿ ਹੁਣ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਭਰੋਸੇਯੋਗ ਵਿਅਕਤੀਆਂ ਸਮੇਤ ਉਨ੍ਹਾਂ ਸਾਰੇ ਕਾਂਗਰਸੀ ਆਗੂਆਂ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ ਜਿਨ੍ਹਾਂ ਨੇ ਦਿੱਲੀ ਅਤੇ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖ ਕਤਲੇਆਮ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਇਸ ਨਸਲਕੁਸ਼ੀ ਨੁੰ ਇਹ ਕਹਿ ਕੇ ਸਹੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਜਦੋਂ ਵੱਡਾ ਰੁੱਖ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੈ।
ਉਨ੍ਹਾਂ ਕਿਹਾ ਕਿ ਵੱਖ ਵੱਖ ਚਸ਼ਮਦੀਦ ਗਵਾਹਾਂ ਨੇ ਆਪਣੀ ਨਜ਼ਦੀਕੀਆਂ ਰਾਹੀਂ ਇਹ ਕਤਲੇਆਮ ਕਰਵਾਉਣ ਵਿਚ ਗਾਂਧੀ ਪਰਿਵਾਰ ਦੀ ਸ਼ਮੂਲੀਅਤ ਵੱਲ ਇਸ਼ਾਰਾ ਕੀਤਾ ਸੀ। ਇਨ੍ਹਾਂ ਸਾਰੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਗਾਂਧੀ ਪਰਿਵਾਰ ਨੂੰ ਵੀ ਆਖਿਆ ਕਿ ਉਹ 1984 ਦੀ ਸਿੱਖ ਨਸਲਕੁਸ਼ੀ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਜ਼ਖ਼ਮ 37 ਸਾਲ ਬਾਅਦ ਹਾਲੇ ਵੀ ਅੱਲ੍ਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਇਹ ਜ਼ਖ਼ਮ ਭਰਨਾ ਚਾਹੁੰਦਾ ਹੈ ਪਰ ਇਹ ਤਾਂ ਹੀ ਸੰਭਵ ਹੈ ਜਦੋਂ ਇਸ ਕਤਲੇਆਮ ਵਿਚ ਸ਼ਾਮਲ ਸਾਰੇ ਕਾਂਗਰਸੀ ਆਗੂਆਂ ਨੂੰ ਜੇਲ੍ਹਾਂ ਵਿਚ ਡੱਕਿਆ ਜਾਵੇ ਅਤੇ ਇਸ ਕਤਲੇਆਮ ਦੇ ਸਾਜ਼ਿਸ਼ਕਰਤਾ ਨੁੰ ਵੀ ਸਜ਼ਾ ਮਿਲੇ।

ਇਹ ਵੀ ਪੜ੍ਹੋ : 13 ਨੁਕਾਤੀ ਏਜੰਡਾ ਉਸੇ ਤਰੀਕੇ ਨਾਲ ਲਾਗੂ ਕਰਾਂਗੇ, ਜਿਸ ਤਰਾਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੁਗਾਏ : ਸੁਖਬੀਰ
ਅੱਜ ਦੀ ਲਾਈਵ ਬਹਿਸ ਬਾਰੇ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਵੈਦ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਇੰਦਰਾ ਗਾਂਧੀ ਦੀ ਮੌਤ ਦਾ ਬਦਲਾ ਲੈਣ ਲਈ 5000 ਸਿੱਖਾਂ ਦਾ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਵੈਦ ਕੋਲ ਅਜਿਹੀ ਲੁਕਵੀਂ ਜਾਣਕਾਰੀ ਹੈ ਜਿਸਦੇ ਬਲਬੂਤੇ ਉਨ੍ਹਾਂ ਅਜਿਹਾ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਵੈਦ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਕੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸਾਰੀ ਸਾਜ਼ਿਸ਼ ਦੀ ਜੜ੍ਹ ਦਾ ਪਤਾ ਲਾਇਆ ਜਾ ਸਕੇ।
ਸਰਦਾਰ ਮਜੀਠੀਆ ਨੇ ਇਹ ਵੀ ਕਿਹਾ ਕਿ ਇਹ ਘਟਨਾ ਕਾਂਗਰਸ ਪਾਰਟੀ ਦੀ ਮਾਨਸਿਕਤਾ ਵੀ ਦਰਸਾਉਂਦੀ ਹੈ ਕਿਉਂਕਿ ਇਸ ਪਾਰਟੀ ਨੇ ਨਾ ਸਿਰਫ 1984 ਵਿਚ ਸਿੱਖਾਂ ਨੁੰ ਜਿਉਂਦੇ ਸਾੜਿਆ ਬਲਕਿ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਵਿਚ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੈ ਤੇ ਇਹ ਸੂਬੇ ਵਿਚ ਸੱਤਾ ਹਾਸਲ ਕਰਨ ਵਾਸਤੇ ਲਗਾਤਾਰ ਸਿੱਖ ਸੰਸਥਾਵਾਂ ਨੁੰ ਕਮਜ਼ੋਰ ਕਰਨ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਲਈ ਸਬਕ ਸਿਖਾਇਆ ਜਾਣਾ ਜ਼ਰੂਰੀ ਹੈ ਅਤੇ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਇਸ ਸਾਰੀ ਨਸਲਕੁਸ਼ੀ ਦੀ ਆਜ਼ਾਦ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਸਦੇ ਦੋਸ਼ੀਆਂ ਨੂੰ ਸਜ਼ਾ ਮਿਲੇ।

 


Bharat Thapa

Content Editor

Related News