ਬਠਿੰਡਾ ''ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਕਤਲ, ਪੂਰੇ ਇਲਾਕੇ ''ਚ ਦਹਿਸ਼ਤ ਦਾ ਮਾਹੌਲ
Wednesday, Jun 10, 2026 - 04:48 PM (IST)
ਬਠਿੰਡਾ (ਵਿਜੇ ਵਰਮਾ) : ਜ਼ਿਲ੍ਹੇ ਦੇ ਪਿੰਡ ਬਾਜਕ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਇੱਕ ਕਰਿੰਦੇ ਦੀ ਲਾਸ਼ ਠੇਕੇ ਦੇ ਬਾਹਰ ਸ਼ੱਕੀ ਹਾਲਾਤ 'ਚ ਬਰਾਮਦ ਕੀਤੀ ਗਈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ 'ਤੇ ਤੇਜ਼ਧਾਰ ਜਾਂ ਭਾਰੀ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ ਹੋ ਸਕਦਾ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੀ ਪਛਾਣ ਨੈਬ ਸਿੰਘ ਪੁੱਤਰ ਕਰਤਾਰ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਰੀਬ 10-11 ਸਾਲਾਂ ਤੋਂ ਸ਼ਰਾਬ ਦੇ ਠੇਕੇ 'ਤੇ ਕਰਿੰਦੇ ਵਜੋਂ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਨੈਬ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਨਿਭਾ ਰਿਹਾ ਸੀ ਪਰ ਦੇਰ ਰਾਤ ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਠੇਕੇ ਦੇ ਬਾਹਰ ਮਿਲਣ ਨਾਲ ਸਾਰੇ ਇਲਾਕੇ 'ਚ ਹੜਕੰਪ ਮਚ ਗਿਆ। ਡੀ. ਐੱਸ. ਪੀ. ਨੇ ਦੱਸਿਆ ਕਿ ਥਾਣਾ ਨੰਦਗੜ੍ਹ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਾਜਕ ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਮੌਕੇ 'ਤੇ ਪਈ ਲਾਸ਼ ਦੀ ਪਛਾਣ ਠੇਕੇ ਦੇ ਕਰਿੰਦੇ ਨੈਬ ਸਿੰਘ ਵਜੋਂ ਹੋਈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ ਨਾਲ...
ਪੁਲਸ ਨੂੰ ਦਿੱਤੇ ਬਿਆਨਾਂ 'ਚ ਠੇਕੇਦਾਰ ਨੇ ਦੱਸਿਆ ਕਿ ਨੈਬ ਸਿੰਘ ਨੇ ਸ਼ਾਮ ਕਰੀਬ 8 ਵਜੇ ਠੇਕੇ ਦੀ ਨਕਦੀ ਇਕੱਠੀ ਕੀਤੀ ਸੀ। ਇਸ ਤੋਂ ਬਾਅਦ ਉਸ ਨਾਲ ਕੀ ਵਾਪਰਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਠੇਕੇਦਾਰ ਦਾ ਕਹਿਣਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਉਸ 'ਤੇ ਹਮਲਾ ਕਰਕੇ ਉਸ ਦਾ ਕਤਲ ਕੀਤਾ ਗਿਆ ਹੈ। ਇਸ ਕਾਰਨ ਲੁੱਟ-ਖੋਹ ਅਤੇ ਕਤਲ ਦੇ ਐਂਗਲ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਸੀਨੀਅਰ ਪੁਲਸ ਅਧਿਕਾਰੀ, ਫਾਰੈਂਸਿਕ ਮਾਹਿਰ ਅਤੇ ਜਾਂਚ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪੁਲਸ ਨੇ ਆਸ-ਪਾਸ ਦੇ ਇਲਾਕੇ ਨੂੰ ਸੀਲ ਕਰਕੇ ਸਬੂਤ ਇਕੱਠੇ ਕੀਤੇ ਹਨ ਅਤੇ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਤੱਕ ਪਹੁੰਚਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੀਂ ਅਪਡੇਟ
ਡੀ. ਐੱਸ. ਪੀ. ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਦਾ ਦਾਅਵਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਤੋਂ ਬਾਅਦ ਪਿੰਡ ਬਾਜਕ ਅਤੇ ਆਸ-ਪਾਸ ਦੇ ਇਲਾਕਿਆਂ 'ਚ ਦਹਿਸ਼ਤ ਦਾ ਮਾਹੌਲ ਹੈ, ਜਦੋਂ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
