ਸ਼ੱਕੀ ਹਾਲਾਤ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Saturday, May 18, 2024 - 10:50 AM (IST)

ਤਰਨਤਾਰਨ(ਰਮਨ ਚਾਵਲਾ)- ਜ਼ਿਲ੍ਹੇ ਦੇ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਅਹਿਮਦਪੁਰ ਵਿਖੇ ਬੀਤੀ ਸ਼ਾਮ ਇਕ ਨੌਜਵਾਨ ਦਾ ਭੇਤਭਰੇ ਹਾਲਾਤ ’ਚ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਸਮੇਤ ਥਾਣਾ ਕੱਚਾ ਪੱਕਾ ਦੇ ਮੁਖੀ ਗੁਰਜੀਤ ਸਿੰਘ ਨਾਲ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਚੋਣ ਪ੍ਰਚਾਰ 'ਚ ਨੰਬਰ ਇਕ 'ਤੇ ਚੱਲ ਰਹੀ 'ਆਪ' : ਮੁੱਖ ਮੰਤਰੀ ਭਗਵੰਤ ਮਾਨ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਲਖਵਿੰਦਰ ਸਿੰਘ (26) ਉਰਫ ਕਾਕਾ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਅਹਿਮਦਪੁਰ ਜੋ ਰਾਜਗਿਰੀ ਦਾ ਕੰਮ ਕਰਦਾ ਸੀ ਅਤੇ ਬੀਤੀ ਸ਼ਾਮ ਕਰੀਬ 4 ਵਜੇ ਜਦੋਂ ਕੰਮ ਤੋਂ ਵਾਪਸ ਪੈਦਲ ਪਰਤ ਰਿਹਾ ਸੀ ਤਾਂ ਉਸ ਦੇ ਘਰ ਤੋਂ ਕਰੀਬ 500 ਗਜ ਦੂਰ ਸੜਕ ਕਿਨਾਰੇ ਉਸ ਦੀ ਲਾਸ਼ ਬਰਾਮਦ ਹੋਈ। ਲਖਵਿੰਦਰ ਸਿੰਘ ਦੇ ਸਰੀਰ ਉਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸਨ, ਜਿਸ ਨੂੰ ਤੁਰੰਤ ਰਾਹਗੀਰਾਂ ਵੱਲੋਂ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕੁੱਲ ਚਾਰ ਭਰਾ ਹਨ, ਜੋ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਨ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਦੇ ਕਤਲ ਪਿੱਛੇ ਕੀ ਕਾਰਨ ਹੈ, ਉਸ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ। ਗੁਰਪ੍ਰੀਤ ਸਿੰਘ ਨੇ ਪੁਲਸ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਦੀ ਲਾਸ਼ ਪਿੰਡ ਅਹਿਮਦਪੁਰ ਤੋਂ ਬਾਠ ਪਿੰਡ ਵਾਲੇ ਰਸਤੇ ਸੜਕ ਕਿਨਾਰੇ ਤੋਂ ਬਰਾਮਦ ਕੀਤੀ ਗਈ ਹੈ। ਜਿਸ ਦੇ ਲੱਕ ਅਤੇ ਪੱਟ ’ਚ ਤੇਜ਼ਧਾਰ ਹਥਿਆਰਾਂ ਨਾਲ ਡੂੰਘੇ ਜ਼ਖਮ ਵਿਖਾਈ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਪਰਿਵਾਰਕ ਮੈਂਬਰ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8