ਸੂਬੇ ''ਚ ਦਿਨ-ਦਿਹਾੜੇ ਹੋ ਰਹੇ ਕਤਲ ਸਾਬਤ ਕਰ ਰਹੇ ਨੇ ਸਰਕਾਰ ਦੀਆਂ ਨਾਕਾਮੀਆਂ

07/23/2017 6:24:29 AM

ਫਤਿਹਗੜ੍ਹ ਸਾਹਿਬ  (ਜਗਦੇਵ) - ਕੁਝ ਸ਼ਕਤੀਆਂ ਨਿਹੰਗ ਸਿੰਘਾਂ 'ਚ ਪਾੜ ਪਾ ਕੇ ਜਥੇਬੰਦੀਆਂ ਨੂੰ ਦੋਫਾੜ ਕਰ ਕੇ ਜਾਨੀ ਮਾਲੀ ਨੁਕਸਾਨ ਪਹੁੰਚਾ ਰਹੀਆਂ ਹਨ ਤੇ ਪੰਜਾਬ ਪੁਲਸ ਬੁੱਢਾ ਦਲ ਦੇ ਜਥੇਦਾਰ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਨਾ ਕਰ ਕੇ ਉਨ੍ਹਾਂ ਨੂੰ ਹੋਰ ਉਤਸ਼ਾਹਿਤ ਕਰ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਪਿਆਰਾ ਸਿੰਘ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਜ਼ਿਕਰਯੋਗ ਹੈ ਕਿ ਇਕ ਨਿਹੰਗ ਸਿੰਘ ਨੇ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਫਤਿਹਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਿਆਰਾ ਸਿੰਘ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ, ਜਿਸ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਸਿੰਘ ਸਾਹਿਬ ਨੇ ਕਿਹਾ ਕਿ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 'ਤੇ ਕਾਤਲਾਨਾ ਹਮਲੇ ਕਰਨ ਵਾਲੇ ਸ਼ਰੇਆਮ ਘੁੰਮ ਰਹੇ ਹਨ ਤੇ ਜੇਕਰ ਪੁਲਸ ਚਾਹੇ ਤਾਂ ਚਾਰ ਘੰਟਿਆਂ 'ਚ ਹਮਲਾਵਰਾਂ ਨੂੰ ਪਤਾਲ ਤੋਂ ਲੱਭ ਕੇ ਲਿਆ ਸਕਦੀ ਹੈ। ਸਰਕਾਰ ਵੱਲੋਂ ਕਾਤਲਾਨਾ ਹਮਲੇ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਅਮਨ-ਸ਼ਾਂਤੀ ਦੀ ਸਥਿਤੀ ਬਣੀ ਰਹੇ। ਉਨ੍ਹਾਂ ਕਿਹਾ ਕਿ ਸੂਬੇ 'ਚ ਦਿਨ-ਦਿਹਾੜੇ ਹੋ ਰਹੇ ਕਤਲ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦਾ ਸਿੱਟਾ ਹਨ। ਆਸਟ੍ਰੇਲੀਆ ਦੀ ਇਕ ਕੰਪਨੀ ਵੱਲੋਂ ਮੱਛੀ ਵਾਲੇ ਲਿਫਾਫੇ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਸੰਬੰਧੀ ਉਨ੍ਹਾਂ ਕਿਹਾ ਕਿ ਕੰਪਨੀ ਨੇ ਲਿਖਤੀ ਮੁਆਫੀਨਾਮਾ ਭੇਜ ਦਿੱਤਾ ਹੈ।
ਇਸ ਮੌਕੇ ਬਾਬਾ ਗੱਜਣ ਸਿੰਘ, ਬਾਬਾ ਤਰਸੇਮ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲੇ, ਬਾਬਾ ਬਲਕਾਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਗੁਰਵਿੰਦਰ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਤ੍ਰਿਲੋਕ ਸਿੰਘ, ਬਾਬਾ ਤਾਰਾ ਸਿੰਘ, ਬਲਦੇਵ ਸਿੰਘ, ਕੁਲਵਿੰਦਰ ਸਿੰਘ, ਬਾਬਾ ਖੜਕ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਭਗਤ ਸਿੰਘ, ਬਾਬਾ ਅਵਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਮੈਨੇਜਰ ਗੁਰਦੀਪ ਸਿੰਘ ਕੰਗ ਤੇ ਸੁਰਿੰਦਰ ਸਿੰਘ ਸਮਾਣਾ ਆਦਿ ਹਾਜ਼ਰ ਸਨ।