ਐੱਨ. ਆਰ. ਆਈਜ਼ ਲਈ ਵੱਡੀ ਖ਼ਬਰ, ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਬਣਾਈਆਂ ਜਾਣਗੀਆਂ ਫਾਸਟ ਟ੍ਰੈਕ ਅਦਾਲਤਾਂ

Friday, Dec 23, 2022 - 09:42 PM (IST)

ਚੰਡੀਗੜ੍ਹ/ਲੁਧਿਆਣਾ (ਬਿਊਰੋ) : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ’ਚ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ’ਚ ਜਲਦ ਹੀ ਫਾਸਟ ਟ੍ਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਤੀਜੇ ਪੰਜਾਬੀ ਪ੍ਰਵਾਸੀ ਭਾਰਤੀ ਮਿਲਣੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਮਿਲਣੀਆਂ ਦੀ ਪਹਿਲਕਦਮੀ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਇਸ ਉਪਰਾਲੇ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

ਇਹ ਖ਼ਬਰ ਵੀ ਪੜ੍ਹੋ : ਸ਼ਰਾਬ ਮਾਫੀਆ ’ਤੇ ਸ਼ਿਕੰਜਾ ਕੱਸਣ ਲਈ ਸਰਕਾਰ ਦਾ ਵੱਡਾ ਕਦਮ, ਮੰਤਰੀ ਚੀਮਾ ਨੇ ਲਾਂਚ ਕੀਤੀ ‘ਸਿਟੀਜ਼ਨ ਐਪ’ 

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ (ਐੱਨ. ਆਰ. ਆਈਜ਼) ਦੇ ਸਿਵਲ ਕੇਸਾਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ। ਧਾਲੀਵਾਲ ਨੇ ਕਿਹਾ, ‘‘ਮੈਂ ਇਸ ਸਬੰਧ ’ਚ ਪਹਿਲਾਂ ਹੀ ਮੁੱਖ ਮੰਤਰੀ ਨਾਲ ਗੱਲ ਕਰ ਚੁੱਕਾ ਹਾਂ ਅਤੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਕੀਮਤੀ ਊਰਜ਼ਾ, ਸਮਾਂ ਅਤੇ ਪੈਸਾ ਬਚਾਇਆ ਜਾ ਸਕੇ। ਮਿਲਣੀ ਪਹਿਲਕਦਮੀ ਪ੍ਰਤੀ ਪ੍ਰਵਾਸੀ ਪੰਜਾਬੀਆਂ ਦੇ ਭਰਵੇਂ ਹੁੰਗਾਰੇ ’ਤੇ ਤਸੱਲੀ ਪ੍ਰਗਟ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੀ ਤਰੱਕੀ ’ਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ’ਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

 ਇਹ ਖ਼ਬਰ ਵੀ ਪੜ੍ਹੋ : ਐੱਨ. ਆਰ. ਆਈਜ਼ ਲਈ ਵੱਡੀ ਖ਼ਬਰ, ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਬਣਾਈਆਂ ਜਾਣਗੀਆਂ ਫਾਸਟ ਟ੍ਰੈਕ ਅਦਾਲਤਾਂ

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਿਆਂ ’ਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਪ੍ਰਵਾਸੀ ਭਾਰਤੀਆਂ ਦੇ ਮਸਲੇ ਬਿਨ੍ਹਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਨਿਪਟਾਉਣਗੇ। ਸਿਵਲ ਅਤੇ ਪੁਲਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ’ਚ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਜ਼ਿਲ੍ਹਾ ਲੁਧਿਆਣਾ, ਸੰਗਰੂਰ, ਮਾਲੇਰਕੋਟਲਾ ਅਤੇ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ, ਜਿੱਥੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਅੱਜ ਦੇ ਸਮਾਗਮ ਦੌਰਾਨ ਕੁੱਲ 170 ਕੇਸਾਂ ਦੀ ਸੁਣਵਾਈ ਹੋਈ। ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਇਨ੍ਹਾਂ ਮੀਟਿੰਗਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇਰੀ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਅਤੇ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਜਿਸ ਲਈ ਪ੍ਰਵਾਸੀ ਭਾਰਤੀ ਪੰਜਾਬ ਸਰਕਾਰ ਦੇ ਪੋਰਟਲ https://eservices. .punjab.gov.in  ਜਾਂ ਮੌਕੇ 'ਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਸੈਂਟਰਲ ਪੈਰਿਸ ’ਚ ਤਾਬੜਤੋੜ ਚੱਲੀਆਂ ਗੋਲ਼ੀਆਂ, 2 ਦੀ ਮੌਤ

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਮੁਹੰਮਦ ਜਮੀਲ ਉਰ ਰਹਿਮਾਨ, ਕੁਲਵੰਤ ਸਿੰਘ ਸਿੱਧੂ, ਪ੍ਰਵਾਸੀ ਭਾਰਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰੂਗਨ, ਏ.ਡੀ.ਜੀ.ਪੀ. (ਐਨ.ਆਰ.ਆਈ.) ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ (ਐਨ.ਆਰ.ਆਈ. ਮਾਮਲੇ) ਕੰਵਲਪ੍ਰੀਤ ਕੌਰ ਬਰਾੜ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਬਰਨਾਲਾ ਪੁਨਮਦੀਪ ਕੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇ.ਐਨ.ਐਸ. ਕੰਗ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
 


Manoj

Content Editor

Related News