550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

10/09/2018 10:14:46 AM

ਅੰਮ੍ਰਿਤਸਰ (ਦੀਪਕ/ਅਣਜਾਣ/ਅਨਿਲ) - ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ ਗਿਆ। ਇਗ ਨਗਰ ਕੀਰਤਨ 8ਵੇਂ ਤੇ ਆਖਰੀ ਦਿਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਇਆ, ਜਿਸ 'ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵਲੋਂ ਕੀਤੀ ਗਈ ਅਤੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਭੇਟ ਕੀਤੇ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ ਆਦਿ ਮੌਜੂਦ ਸਨ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ (ਲੁਧਿਆਣਾ) ਵਿਖੇ ਪਹੁੰਚਣ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਗਰ ਕੀਰਤਨ ਦਾ ਭਰਪੂਰ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ।

ਇਸ ਸਮੇਂ ਭਾਈ ਲੌਂਗੋਵਾਲ ਨਾਲ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨ ਮਾਜਰਾ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।ਭਾਈ ਲੌਂਗੋਵਾਲ ਨੇ 1 ਅਕਤੂਬਰ ਤੋਂ ਆਰੰਭ ਹੋਏ ਇਸ ਵਿਸ਼ਾਲ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ-ਥਾਂ 'ਤੇ ਨਿੱਘਾ ਸਵਾਗਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਭਲਕੇ 9 ਅਕਤੂਬਰ ਨੂੰ ਨਗਰ ਕੀਰਤਨ ਦੀ ਸਮਾਪਤੀ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ, ਜਿਸ 'ਚ ਨਗਰ ਕੀਰਤਨ ਦੌਰਾਨ ਸਹਿਯੋਗ ਦੇਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਹਿਯੋਗੀਆਂ ਦਾ ਸਨਮਾਨ ਕੀਤਾ ਜਾਵੇਗਾ।