ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਅਤੇ ਪ੍ਰਬੰਧਾਂ ਸਬੰਧੀ ਇਕੱਤਰਤਾ

07/09/2019 4:31:11 PM

ਅੰਮ੍ਰਿਤਸਰ (ਦੀਪਕ) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸਿੱਖ ਆਗੂਆਂ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਤ ਕੀਤੀ ਗਈ ਇਸ ਉੱਚ ਪੱਧਰੀ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਇਸ ਮੌਕੇ ਨਗਰ ਕੀਰਤਨ ਦੇ ਰੂਟ ਨੂੰ ਅੰਤਿਮ ਛੋਹ ਦਿੱਤੀ ਗਈ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭਰਵੇਂ ਸਵਾਗਤ ਦੇ ਨਾਲ-ਨਾਲ ਹੋਰ ਪ੍ਰਬੰਧਾਂ ਸਬੰਧੀ ਵੀ ਵਿਚਾਰ-ਚਰਚਾ ਕੀਤੀ। ਇਕੱਤਰਤਾ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਆਗੂ ਜਥੇ. ਤੋਤਾ ਸਿੰਘ ਨੇ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋ ਕੇ 25 ਜੁਲਾਈ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪੁੱਜਣ ਮੌਕੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਮੌਕੇ ਵੱਖ-ਵੱਖ ਸਿੱਖ ਆਗੂਆਂ ਨੇ ਆਪੋ-ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ ਹਨ, ਜਿਨ੍ਹਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ 25 ਜੁਲਾਈ ਨੂੰ ਨਗਰ ਕੀਰਤਨ ਰਾਤ ਦਾ ਠਹਿਰਾਓ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰੇਗਾ ਅਤੇ ਇਥੋਂ 26 ਜੁਲਾਈ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ 22 ਅਗਸਤ ਤੱਕ ਦਾ ਰੂਟ ਤਿਆਰ ਕਰ ਲਿਆ ਗਿਆ ਹੈ ਅਤੇ ਇਸ ਤੋਂ ਅਗਲਾ ਰੂਟ ਵੀ ਜਲਦ ਤਿਆਰ ਕੀਤਾ ਜਾਵੇਗਾ। ਜਥੇ. ਤੋਤਾ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਮੁਬਾਰਕ ਮੌਕਾ ਹੈ ਅਤੇ ਇਸ ਸਬੰਧੀ ਹੋਣ ਵਾਲੇ ਸਾਰੇ ਸਮਾਗਮਾਂ ਨੂੰ ਮਿਲਜੁਲ ਕੇ ਮਨਾਇਆ ਜਾਵੇਗਾ।

ਇਸ ਮੌਕੇ ਇਕੱਤਰਤਾ ਵਿਚ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਮੈਂਬਰ ਭਾਈ ਰਾਮ ਸਿੰਘ ਆਦਿ ਮੌਜੂਦ ਸਨ।

Anuradha

This news is Content Editor Anuradha