ਨਗਰ ਕੀਰਤਨ ਦੀ ਤਰਾਵੜੀ ਤੋਂ ਰਵਾਨਗੀ ਸਮੇਂ ਜੁੜਿਆ ਸੰਗਤ ਦਾ ਠਾਠਾਂ ਮਾਰਦਾ ਇਕੱਠ
Wednesday, Oct 09, 2019 - 03:14 PM (IST)

ਅੰਮ੍ਰਿਤਸਰ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੇ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਤੋਂ ਅੱਗੇ ਰਵਾਨਗੀ ਸਮੇਂ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਥੇ ਸਥਾਨਕ ਸੰਗਤ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਹਜ਼ਾਰਾਂ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਚੱਲ ਰਹੇ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਬੀਤੀ ਰਾਤ 1 ਵਜੇ ਦੇ ਕਰੀਬ ਤਰਾਵੜੀ ਵਿਖੇ ਨਗਰ ਕੀਰਤਨ ਪੁੱਜਾ, ਜਿਥੇ ਲੰਮੇ ਸਮੇਂ ਤੋਂ ਉਡੀਕ ਕਰ ਰਹੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਗਿਆ।
ਇਨ੍ਹਾਂ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾ ਅਤੇ ਹਰਦੀਪ ਸਿੰਘ ਲਾਗਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ਾਮਿਲ ਸਨ। ਇਸੇ ਦੌਰਾਨ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਲਈ ਰਵਾਨਗੀ ਸਮੇਂ ਸਜਾਏ ਗਏ ਧਾਰਮਿਕ ਦੀਵਾਨ 'ਚ ਰਾਗੀ ਜਥਿਆਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਖ਼ਾਲਸਾਈ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਤਰਾਵੜੀ ਤੋਂ ਚੱਲਣ ਸਮੇਂ ਮਾਹੌਲ ਦੇਖਣਯੋਗ ਸੀ।ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਹਰਿਆਣਾ ਰਾਜ 'ਚ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਭਾਰੀ ਉਤਸ਼ਾਹ ਹੈ। ਨਗਰ ਕੀਰਤਨ ਦੇ ਮਾਰਗ 'ਤੇ ਸਵਾਗਤੀ ਗੇਟ, ਸੁੰਦਰ ਲੜੀਆਂ ਆਦਿ ਖਿੱਚ ਦਾ ਕੇਂਦਰ ਸਨ। ਉਨ੍ਹਾਂ ਦੱਸਿਆ ਕਿ ਥਾਂ-ਥਾਂ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾ ਕੇ ਸੇਵਾ ਕੀਤੀ ਗਈ।