ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ (ਤਸਵੀਰਾਂ)
Monday, Nov 07, 2022 - 04:04 PM (IST)
ਅੰਮ੍ਰਿਤਸਰ (ਸਰਬਜੀਤ, ਗੁਰਿੰਦਰ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਦੀ ਦੇਖ-ਰੇਖ 'ਚ ਕੱਢਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਪੁਲਸ ਥਾਣਿਆਂ 'ਚ ਹੁਣ ਨਹੀਂ ਹੋਵੇਗੀ ਤੂੰ-ਤੜਾਕ, 'ਜੀ ਆਇਆਂ ਨੂੰ' ਕਹਿਣਗੇ ਮੁਲਾਜ਼ਮ
ਇਸ ਮੌਕੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੈਨੇਜਰ ਜਸਪਾਲ ਸਿੰਘ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ, ਮੈਨੇਜਰ ਇਕਬਾਲ ਸਿੰਘ ਮੁਖੀ, ਬਲਦੇਵ ਸਿੰਘ ਸੂਚਨਾ ਅਧਿਕਾਰੀ, ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ। ਸੰਗਤਾਂ ਵੱਲੋਂ ਥਾਂ-ਥਾਂ 'ਤੇ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ।
ਇਹ ਵੀ ਪੜ੍ਹੋ : ਅਕਾਲੀ ਦਲ ਦਾ ਵੱਡਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਬਾਹਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਇਸ ਨਗਰ ਕੀਰਤਨ ਮੌਕੇ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ 'ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ ਜਸ ਉਚਾਰਨ ਕਰਦੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ 'ਚ ਸੰਗਤਾਂ ਨੇ ਚਾਹ, ਮਠਿਆਈਆਂ, ਫਰੂਟ ਆਦਿ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਬੈਂਡ ਪਾਰਟੀਆਂ, ਸ਼ਬਦ ਚੌਂਕੀ ਜੱਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ। ਦੱ ਦੇਈਏ ਕਿ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਵੱਖ-ਵੱਖ ਸ਼ਹਿਰਾਂ 'ਚੋਂ ਵਿਸ਼ਾਲ ਨਗਰ ਕੀਰਤਨ ਨਿਕਾਲੇ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ