ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

12/24/2017 7:11:13 AM

ਅੰਮ੍ਰਿਤਸਰ  (ਦੀਪਕ, ਜ. ਬ.) - ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ (ਰਜਿ.) ਅੰਮ੍ਰਿਤਸਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਰਵਾਇਤ ਅਨੁਸਾਰ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਧਾਰਮਿਕ ਸੰਸਥਾਵਾਂ, ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ, ਸਕੂਲਾਂ ਦੇ ਵਿਦਿਆਰਥੀਆਂ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਗੁਰਬਾਣੀ ਦਾ ਜਾਪ ਕਰਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਕ ਘੰਟਾ ਘਰ, ਬਾਜ਼ਾਰ ਮਾਈ ਸੇਵਾਂ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਂਸਾਂ, ਚੌਕ ਛੱਤੀ ਖੂਹੀ, ਚੌਲ ਮੰਡੀ, ਕਣਕ ਮੰਡੀ, ਢਾਬ ਬਸਤੀ ਰਾਮ, ਚੌਕ ਚਿੰਤਪੁਰਨੀ, ਜੌੜਾ ਪਿੱਪਲ, ਚੌਕ ਚਬੂਤਰਾ, ਚੌਕ ਜੈ ਸਿੰਘ, ਚੌਕ ਮੋਨੀ, ਚੌਕ ਕਰੋੜੀ, ਚੌਕ ਮੰਨਾ ਸਿੰਘ, ਚੌਕ ਪ੍ਰਾਗਦਾਸ ਤੇ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਇਆ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ ਨੂੰ ਸਵੇਰੇ 8:30 ਤੋਂ 12 ਵਜੇ ਤੱਕ ਜਲੌ ਸਜਣਗੇ ਤੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ 'ਚ ਪੰਥ ਪ੍ਰਸਿੱਧ ਧਾਰਮਿਕ ਸ਼ਖਸੀਅਤਾਂ, ਗੁਰੂ ਘਰ ਦੇ ਕੀਰਤਨੀਏ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਗੁਰਬਾਣੀ ਅਤੇ ਸਿੱਖ ਇਤਿਹਾਸ ਸਰਵਣ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ ਅਤੇ ਦੀਪਮਾਲਾ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਡਾ. ਪਰਮਜੀਤ ਸਿੰਘ ਸਰੋਆ, ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਜਸਵਿੰਦਰ ਸਿੰਘ ਦੀਨਪੁਰ, ਸਕੱਤਰ ਸਿੰਘ ਤੇ ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਗੁਰਿੰਦਰ ਸਿੰਘ, ਰਵੇਲ ਸਿੰਘ ਚੇਅਰਮੈਨ, ਸੁਪਰਡੈਂਟ ਸਤਨਾਮ ਸਿੰਘ, ਐਡੀਸ਼ਨਲ ਮੈਨੇਜਰ ਸੁਖਰਾਜ ਸਿੰਘ, ਹਰਜਿੰਦਰ ਸਿੰਘ ਤੇ ਬਘੇਲ ਸਿੰਘ, ਸਹਾਇਕ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਦੇ ਪ੍ਰਧਾਨ ਅਨੂਪ ਸਿੰਘ ਵਿਰਦੀ, ਕਨਵੀਨਰ ਰਣਬੀਰ ਸਿੰਘ ਚੋਪੜਾ, ਜਨਰਲ ਸਕੱਤਰ ਸੁਰਿੰਦਰ ਸਿੰਘ ਰੁਮਾਲੇ ਵਾਲੇ, ਗੁਰਬਖਸ਼ ਸਿੰਘ ਬੇਦੀ, ਹਰਮਨਜੀਤ ਸਿੰਘ, ਜੋਗਿੰਦਰ ਸਿੰਘ, ਅਜੈਬ ਸਿੰਘ, ਹਰਭਜਨ ਸਿੰਘ, ਸਤਿੰਦਰ ਸਿੰਘ, ਕੁਲਬੀਰ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।


Related News