ਜੈਕਾਰਿਆਂ ਦੀ ਗੂੰਜ ਨਾਲ ਸ਼ਹੀਦਾਂ ਦੀ ਧਰਤੀ ਤੋਂ ਰਵਾਨਾ ਹੋਇਆ ਸ਼ਹੀਦੀ ਨਗਰ ਕੀਰਤਨ
Friday, Nov 21, 2025 - 11:57 AM (IST)
ਫ਼ਤਹਿਗੜ੍ਹ ਸਾਹਿਬ (ਬਿਪਨ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੁਆਰਾ ਅਸਾਮ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਇਆ।
ਨਗਰ ਕੀਰਤਨ ਦੌਰਾਨ ਜਿੱਥੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਪੁੱਜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ, ਉੱਥੇ ਹੀ ਪੁਲਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰੀਆ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਨੀਵਰਸਿਟੀ ਦੇ ਚਾਂਸਲਰ ਡਾ ਪ੍ਰਿਤਪਾਲ ਸਿੰਘ , ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਮਜੀਤ ਸਿੰਘ ਚਨਾਰਥਲ ਨੇ ਦੱਸਿਆ ਕਿ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਇਸ ਨਗਰ ਕੀਰਤਨ ਦੀ ਆਰੰਭਤਾ ਹੋਈ ਹੈ ਜਿਸ ਵਿਚ ਇਲਾਕੇ ਦੀ ਸੰਗਤ ਨੇ ਵੱਧ ਚੜ੍ਹ ਕੇ ਨਗਰ ਕੀਰਤਨ ਦੇ ਦਰਸ਼ਨ ਦੀਦਾਰੇ ਕੀਤੇ ਹਨ।
