ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

Saturday, Jan 08, 2022 - 03:28 PM (IST)

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਖ਼ਰਾਬ ਮੌਸਮ ਦੇ ਮੱਦੇਨਜ਼ਰ ਇਸ ਵਾਰ ਨਗਰ ਕੀਰਤਨ ਪਹਿਲਾਂ ਤੈਅ ਮਾਰਗ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਤੱਕ ਹੀ ਸੀਮਤ ਰਿਹਾ। 

PunjabKesari

ਨਗਰ ਕੀਰਤਨ ਦੀ ਅਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ। ਇਸੇ ਦੌਰਾਨ ਪਰਕਰਮਾਂ ਵਿਚ ਸੰਗਤ ਨੇ ਨਗਰ ਕੀਰਤਨ ਦੇ ਨਾਲ ਚਲਦਿਆਂ ਗੁਰੂ ਜਸ ਗਾਇਨ ਕੀਤਾ ਅਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਚੌਰ ਸਾਹਿਬ ਦੀ ਸੇਵਾ ਨਿਭਾ ਰਹੇ ਸਨ।

PunjabKesari

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸ਼ਾਹਿਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਮਾਨਵਤਾ ਲਈ ਵਾਰ ਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ।

 


author

Harnek Seechewal

Content Editor

Related News