ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਬੀਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

Sunday, Nov 22, 2026 - 04:44 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਬੀਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਿੰਡ ਨਬੀਪੁਰ ਵਿਖੇ ਕਈ ਦਿਨਾਂ ਤੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ। ਇਸ ਸਿਲਸਿਲੇ ਅਧੀਨ ਅੱਜ ਗੁਰਦੁਆਰਾ ਯਾਦਗਾਰ ਸ਼ਹੀਦਾਂ, ਨਬੀਪੁਰ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਸਰਦਾਰ ਨਰਿੰਦਰ ਸਿੰਘ, ਪ੍ਰਧਾਨ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਨੇ ਕੀਤੀ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਤੋਂ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।

ਨਗਰ ਕੀਰਤਨ ਦਾ ਰੂਟ ਗੁਰਦੁਆਰਾ ਯਾਦਗਾਰ ਸ਼ਹੀਦਾਂ (ਨਬੀਪੁਰ), ਬਾਬਾ ਬੰਦਾ ਸਿੰਘ ਬਹਾਦੁਰ ਚੌਕ (ਬਾਈਪਾਸ), ਗੱਤਾ ਮਿੱਲ, ਹਯਾਤ ਨਗਰ, ਅੰਬ ਵਾਲਾ ਮੋੜ, ਹਰਦੋਛੰਨੀ ਚੌਂਕ, ਪ੍ਰੇਮ ਨਗਰ, ਕਲਬੁਤਰੀ ਚੌਂਕ ਅਤੇ ਕਾਹਨੂੰਵਾਨ ਚੌਂਕ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਯਾਦਗਾਰ ਸ਼ਹੀਦਾਂ (ਨਬੀਪੁਰ) ਵਿਖੇ ਸਮਾਪਤ ਹੋਇਆ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਚਾਹ, ਪਾਣੀ ਤੇ ਹੋਰ ਸੇਵਾਵਾਂ ਦੇ ਪ੍ਰਬੰਧ ਕੀਤੇ ਗਏ।

ਇਸ ਨਗਰ ਕੀਰਤਨ ਦੌਰਾਨ ਢਾਡੀ ਜਥੇ ਵੱਲੋਂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬ ਜੀ ਦੀ ਮਹਿਮਾ ਨਾਲ ਸਬੰਧਤ ਵਾਰਾਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਅਤੇ ਨੌਜਵਾਨਾਂ ਵੱਲੋਂ ਸ਼ਾਨਦਾਰ ਘੱਤਕਾ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਹਾਜ਼ਰ ਸੰਗਤ ਦਾ ਮਨ ਮੋਹ ਲਿਆ। ਨੌਜਵਾਨਾਂ ਦੇ ਜੋਸ਼ ਅਤੇ ਬੱਚਿਆਂ ਦੀ ਉਤਸ਼ਾਹ ਭਰੀ ਭਾਗੀਦਾਰੀ ਨੂੰ ਦੇਖ ਕੇ ਸੰਗਤਾਂ ਨੇ ਖੁਸ਼ੀ ਤੇ ਸ਼ਰਧਾ ਨਾਲ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਏ, ਜਿਸ ਨਾਲ ਸਮੁੱਚਾ ਮਾਹੌਲ ਰੂਹਾਨੀ ਰੰਗਾਂ ਵਿੱਚ ਰੰਗਿਆ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਿਤੀ 22 ਨਵੰਬਰ ਨੂੰ ਗੁਰਦੁਆਰਾ ਸਾਹਿਬ ਨਬੀਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਕੀਤਾ ਗਿਆ ਹੈ, ਜਿਸ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਗੁਰਬਾਣੀ ਕਥਾ ਅਤੇ ਕੀਰਤਨ ਰਾਹੀਂ ਰਾਗੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਬਾਅਦ ਵਿੱਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

ਇਸ ਪਵਿੱਤਰ ਨਗਰ ਕੀਰਤਨ ਵਿਚ ਕੁਲਦੀਪ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ ਅਤੇ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਬੀਬੀਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।


author

Anmol Tagra

Content Editor

Related News