'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ 'ਚ ਸੁਲਤਾਨਪੁਰ ਲੋਧੀ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
Thursday, Nov 14, 2024 - 04:45 PM (IST)
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ )-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 555ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਸਜਾਇਆ ਗਿਆ। ਜਿਸ ਵਿਚ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਸ਼ਾਮਲ ਹੋਈਆਂ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਲਿਆ। ਨਗਰ ਕੀਰਤਨ ਦੀ ਆਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸਜਾ ਕੇ ਕੀਤੀ ਅਤੇ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਨਾਲ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।
ਇਸ ਤੋਂ ਪਹਿਲਾਂ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਅਤੇ ਨਗਰ ਕੀਰਤਨ 'ਚ ਸ਼ਾਮਲ ਹੋਰ ਧਾਰਮਿਕ ਹਸਤੀਆਂ ਦਾ ਸਨਮਾਨ ਸਿਰੋਪਾਓ ਦੇ ਕੇ ਕੀਤਾ। ਇਸ ਸਮੇਂ ਵਿਦਵਾਨ ਮਹਾਪੁਰਸ਼ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਅਤੇ ਉਪਰੰਤ ਵਿਸ਼ਾਲ ਨਗਰ ਕੀਰਤਨ ਪੰਜ ਜੈਕਾਰੇ ਗੂੰਜਾ ਕੇ ਦਾਨਾ ਮੰਡੀ ਰਾਹੀਂ ਰਵਾਨਾ ਹੋਇਆ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਨੀ ਕਮੇਟੀ ਸੁਲਤਾਨਪੁਰ ਲੋਧੀ, ਜਥੇ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇ ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਪੱਡਾ, ਸਾਬਕਾ ਸਕੱਤਰ ਜਥੇ ਮਹਿੰਦਰ ਸਿੰਘ ਆਹਲੀ, ਮੈਨੇਜਰ ਬੇਰ ਸਾਹਿਬ ਭਾਈ ਗੁਰਬਖਸ਼ ਸਿੰਘ ਬੱਚੀਵਿੰਡ, ਸਾਬਕਾ ਵਧੀਕ ਸਕੱਤਰ ਭਾਈ ਚਾਨਣ ਸਿੰਘ ਦੀਪੇਵਾਲ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਕੈਪਟਨ ਹਰਿਮੰਦਰ ਸਿੰਘ ਤੇ ਰਾਜਾ ਗੁਰਪ੍ਰੀਤ ਸਿੰਘ ਸੀਨੀਅਰ ਆਗੂ ਆਦਿ ਹੋਰਨਾਂ ਵੱਖ-ਵੱਖ ਸਿਆਸੀ ,ਧਾਰਮਿਕ ਅਤੇ ਸਮਾਜ ਸੇਵੀ ਹਸਤੀਆਂ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ- SSF ਨੇ ਬਚਾਈਆਂ ਕੀਮਤੀ ਜਾਨਾਂ, ਮੌਤ ਦਰ 'ਚ 45 ਫ਼ੀਸਦੀ ਕਮੀ : CM ਮਾਨ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਬੋਧਨ ਕਰਦੇ ਹੋਏ ਸਮੂਹ ਸੰਗਤਾਂ ਨੂੰ ਸਤਿਗੁਰੂ ਪਾਤਸ਼ਾਹ ਜੀ ਦੇ 555 ਵੇਂ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿੱਖ ਜਗਤ ਲਈ ਹੀ ਨਹੀਂ ਸਾਰੀ ਮਨੁੱਖਤਾ ਦੇ ਕਲਿਆਣਕਾਰੀ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੁਰਦੁਆਰਾ ਸੰਤਘਾਟ ਸਾਹਿਬ ਦੇ ਪਾਵਨ ਅਸਥਾਨ 'ਤੇ ਸ੍ਰੀ ਮੂਲ ਮੰਤਰ ਸਾਹਿਬ ਦਾ ਉਚਾਰਨ ਕਰਦੇ ਪਵਿੱਤਰ ਸ਼ਬਦ ਦੀ ਸ਼ੁਰੂਆਤ ਕੀਤੀ ਅਤੇ ਪੂਰੀ ਮਨੁੱਖਤਾ ਲਈ ਸਾਂਝਾ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ।
ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਮੂਹ ਧਰਮ ਇਤਿਹਾਸ 'ਚ ਗੁਰੂ ਨਾਨਕ ਸਾਹਿਬ ਦਾ ਫਲਸਫਾ ਸਭ ਤੋਂ ਬਿਹਤਰ ਮਾਰਗ ਦਰਸ਼ਕ ਹੈ। ਜਿਸ 'ਤੇ ਚੱਲ ਕੇ ਅਸੀਂ ਸਾਰੇ ਹੀ ਆਪਣਾ ਜੀਵਨ ਸੁਖਾਲਾ ਅਤੇ ਸਫ਼ਲ ਕਰ ਸਕਦੇ ਹਾਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਪੂਰੀ ਦੁਨੀਆ 'ਚ ਫੈਲ ਚੁੱਕੀ ਹੈ । ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰਮਤਿ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਸਤਿਗੁਰੂ ਪਾਤਸ਼ਾਹ ਨੇ ਇਸ ਨਗਰ ਤੋਂ ਜਗਤ ਜਲੰਦੇ ਨੂੰ ਠਾਰਨ ਦੀ ਯਾਤਰਾਵਾਂ ਸ਼ੁਰੂ ਕੀਤੀਆਂ ਅਤੇ ਸਾਰੀ ਲੋਕਾਈ ਨੂੰ ਇਕ ਲੜੀ ਵਿਚ ਪਰੋ ਦਿੱਤਾ। ਸਤਿਗੁਰੂ ਜੀ ਨੇ ਸਾਨੂੰ ਸ਼ਬਦ ਗੁਰਬਾਣੀ ਦਾ ਜਾਪ ਕਰਨ ਅਤੇ ਗੁਰਬਾਣੀ ਅਨੁਸਾਰ ਚੱਲਣ ਦੀ ਜੀਵਨ ਜਾਂਚ ਦੱਸੀ।
ਇਹ ਵੀ ਪੜ੍ਹੋ- ਪ੍ਰਧਾਨ ਮੰਤਰੀ ਦੇ ਦਿਲ ’ਚ ਪੰਜਾਬ ਲਈ ਖ਼ਾਸ ਥਾਂ, ਅੱਜ ਇਥੇ ਮਜ਼ਬੂਤ ਵਿਰੋਧੀ ਧਿਰ ਦੀ ਜ਼ਰੂਰਤ: ਸੁਨੀਲ ਜਾਖੜ
ਇਸ ਸਮੇਂ ਸ੍ਰੀ ਪੰਡਤ ਗਿਆਨਦਾਸ ਹਰਿਦੁਆਰ ਵਾਲੇ ਆਪਣੀ ਸਮੂਹ ਸੰਤ ਮੰਡਲੀ ਸਮੇਤ ਨਗਰ ਕੀਰਤਨ ਵਿਚ ਸ਼ਾਮਲ ਹੋਏ ਅਤੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰਦੁਆਰਾ ਸੰਤ ਘਾਟ ਵਾਲੇ, ਇੰਜ. ਸਵਰਨ ਸਿੰਘ ਮੈਂਬਰ ਪੀ. ਏ. ਸੀ, ਚੇਅਰਮੈਨ ਗੁਰਜੰਟ ਸਿੰਘ ਸੰਧੂ, ਜਥੇ ਸਤਨਾਮ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ , ਸ਼੍ਰੋਮਣੀ ਅਕਾਲੀ ਦਲ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ ਆਦਿ ਦਾ ਸਨਮਾਨ ਕੀਤਾ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
ਇਹ ਨਗਰ ਕੀਰਤਨ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਆਰੰਭ ਹੋ ਕੇ ਦਾਣਾ ਮੰਡੀ ਰਾਂਹੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। ਇਸ ਸਮੇਂ ਨਗਰ ਵੱਡੀ ਗਿਣਤੀ 'ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਧਾਰਮਿਕ ਹਸਤੀਆਂ, ਸਮੂਹ ਸਭਾ ਸੋਸਾਇਟੀਆਂ ਸ਼ਿਰਕਤ ਕੀਤੀ। ਸੰਗਤਾਂ ਵੱਲੋਂ ਥਾਂ-ਥਾਂ 'ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਹਨ।
ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8