ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਸਜਾਇਆ ਗਿਆ ਨਗਰ ਕੀਰਤਨ

Tuesday, Nov 25, 2025 - 04:57 PM (IST)

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਸਜਾਇਆ ਗਿਆ ਨਗਰ ਕੀਰਤਨ

ਮਹਿਲ ਕਲਾਂ (ਹਮੀਦੀ) – ਡਾ. ਭੀਮ ਰਾਓ ਅੰਬੇਡਕਰ ਕਮੇਟੀ ਪਿੰਡ ਪੰਡੋਰੀ ਅਤੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼ਾਨ ਨਾਲ ਆਯੋਜਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਪਿੰਡ ਪੰਡੋਰੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਰਦਾਸ ਉਪਰੰਤ ਨਗਰ ਕੀਰਤਨ ਦੀ ਸ਼ੁਰੂਆਤ ਹੋਈ ਜੋ ਛਾਪਾ, ਕੁਰੜ, ਮਨਾਲ, ਟਿੱਬਾ, ਬੜੀ, ਸੇਰਪੁਰ, ਖੇੜੀ ਕਲਾਂ, ਭਗਵਾਨਪੁਰਾ, ਗੁੰਮਟੀ, ਠੁੱਲੀਵਾਲ, ਖਿਆਲੀ, ਮਹਿਲ ਖੁਰਦ ਰਾਹੀਂ ਹੁੰਦਾ ਵਾਪਸ ਪੰਡੋਰੀ ਗਿਆ, ਜਿੱਥੇ ਸਮਾਪਤੀ ਹੋਈ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਗੁਰੂ ਸਾਹਿਬ ਅੱਗੇ ਸਤਿਕਾਰ ਭੇਟ ਕੀਤਾ। ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। 

ਨਗਰ ਕੀਰਤਨ ਵਿਚ ਬਾਬਾ ਭਰਪੂਰ ਸਿੰਘ ਸੇਖਾ ਜਲੂਰ ਵਾਲੇ, ਸੰਤ ਬਾਬਾ ਰਾਜਿੰਦਰ ਸਿੰਘ ਜੀ ਟਿੱਬੇ ਵਾਲੇ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸੇਰਪੁਰ ਅਤੇ ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਸੰਗਤਾਂ ਵੱਲੋਂ ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਪੰਜਾਬ ਦੇ ਮੁੱਖ ਸੇਵਾਦਾਰ ਬਾਬਾ ਸੁਖਪਾਲ ਸਿੰਘ ਖੇੜੀ ਦਾ ਸਨਮਾਨ ਵੀ ਕੀਤਾ ਗਿਆ। ਸੰਬੋਧਨ ਕਰਦੇ ਹੋਏ ਮਾਸਟਰ ਹਰਬੰਸ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਇਨਸਾਫ਼ ਦੀ ਰਾਖੀ ਲਈ ਆਪਣੀ ਸ਼ਹਾਦਤ ਦੇ ਕੇ ਇਤਿਹਾਸ ਰਚਿਆ। ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਸਿੱਖ ਧਰਮ ਨੇ ਹਮੇਸ਼ਾ ਜ਼ੁਲਮ ਦੇ ਖਿਲਾਫ ਲੜਨ ਦੀ ਪ੍ਰੇਰਨਾ ਦਿੱਤੀ ਹੈ ਅਤੇ ਗੁਰੂ ਸਾਹਿਬ ਦੀ ਕੁਰਬਾਨੀ ਮਨੁੱਖਤਾ ਲਈ ਉੱਚੀ ਮਿਸਾਲ ਹੈ।

ਸੰਤ ਬਾਬਾ ਰਾਜ ਵਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਜ਼ੁਲਮ ਦੇ ਸਾਹਮਣੇ ਡਟ ਕੇ ਖੜ੍ਹਨ, ਗਰੀਬਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਅਤੇ ਧਰਮ ਦੀ ਰਾਖੀ ਲਈ ਦੁਨੀਆ ਵਿਚ ਬੇਮਿਸਾਲ ਸ਼ਹਾਦਤ ਦਿੱਤੀ। ਇਸ ਮੌਕੇ ਕਮੇਟੀ ਪ੍ਰਧਾਨ ਜਸਪਾਲ ਸਿੰਘ ਬਬਲਾ, ਖਜਾਨਚੀ ਅਜੈਬ ਸਿੰਘ, ਕਰਮਜੀਤ ਸਿੰਘ ਖਾਲਸਾ, ਹਰਪਾਲ ਸਿੰਘ ਇਟਲੀ, ਦੀਪ ਸਿੰਘ, ਰਵਿੰਦਰ ਸਿੰਘ ਦੱਧਾਹੂਰ ਅਤੇ ਨਿਰਮਲ ਸਿੰਘ ਪੰਡੋਰੀ ਸਮੇਤ ਹੋਰ ਆਗੂ ਵੀ ਮੌਜੂਦ ਸਨ।


author

Anmol Tagra

Content Editor

Related News