ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

09/16/2023 1:22:25 PM

ਅੰਮ੍ਰਿਤਸਰ (ਸਰਬਜੀਤ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ। ਜਿਥੇ ਬੀਤੇ ਕਈ ਦਿਨਾਂ ਤੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਚਲਾਈ ਗਈ, ਉਥੇ ਹੀ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

ਇਸ ਮੌਕੇ ਵੱਡੀ ਗਿਣਤੀ ਵਿੱਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਇਹ ਵੀ ਪੜ੍ਹੋ : ਬੈਂਕ ਦੀ ਨੌਕਰੀ 'ਚੋਂ ਕੱਢਿਆ ਬਾਹਰ, ਪਰੇਸ਼ਾਨ ਨੌਜਵਾਨ ਨੇ ਗਲ਼ ਲਾਈ ਮੌਤ, ਸੁਸਾਈਡ ਨੋਟ 'ਚ ਖੋਲ੍ਹੇ ਵੱਡੇ ਰਾਜ਼

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ। 

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਆਪਣੇ ਇਸਟ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ। 

ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੌਰਾਨ ਵਿੱਚ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur