ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ
Tuesday, Dec 27, 2022 - 02:34 PM (IST)
ਅੰਮ੍ਰਿਤਸਰ (ਸਰਬਜੀਤ)- ਸਾਹਿਬੇ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 356 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ 'ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।
ਇਹ ਵੀ ਪੜ੍ਹੋ- Year Ender 2022: ਦੇਸ਼ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਦੇ ਫ਼ੌਜੀ ਜਵਾਨ, ਹਮੇਸ਼ਾ ਰਹਿਣਗੇ ਅਮਰ
ਕੜਾਕੇ ਦੀ ਠੰਡ ਦੇ ਬਾਵਜੂਦ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਦਸਮ ਪਿਤਾ ਪ੍ਰਤੀ ਸ਼ਰਧਾ ਸਤਿਕਾਰ ਭੇਟ ਕਰਦਿਆਂ ਵੱਡੀ ਗਿਣਤੀ 'ਚ ਸੰਗਤਾਂ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ। 29 ਦਸੰਬਰ ਨੂੰ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ।
ਇਹ ਵੀ ਪੜ੍ਹੋ- 2 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਬਟਾਲਾ ਦੇ ਏ. ਐੱਸ. ਆਈ. ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ
ਇਸ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 29 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਉਪਰੰਤ ਦੀਵਾਨ ਸੱਜਣਗੇ। ਦੁਪਹਿਰ 1 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਕਵੀ ਦਰਬਾਰ ਹੋਵੇਗਾ, ਜਿਸ ਵਿਚ ਕਵੀਆਂ ਵੱਲੋਂ ਦਸਮ ਪਾਤਸ਼ਾਹ ਜੀ ਦੇ ਜੀਵਨ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ ਜਾਣਗੀਆਂ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।