350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਕਪੂਰਥਲਾ ਜ਼ਿਲ੍ਹੇ ’ਚ ਪਹੁੰਚਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ
Saturday, Nov 22, 2025 - 11:45 AM (IST)
ਕਪੂਰਥਲਾ (ਮਹਾਜਨ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਜੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੋਕਿ ਗੁਰਦਾਸਪੁਰ ਤੋਂ ਰਵਾਨਾ ਹੋਇਆ ਸੀ, ਸ਼ੁੱਕਰਵਾਰ ਰਾਤ ਬਿਆਸ ਦਰਿਆ ਉਪਰ ਗੋਇੰਦਵਾਲ ਦੇ ਪੁਲ ਰਾਹੀਂ ਕਪੂਰਥਲਾ ਜ਼ਿਲ੍ਹੇ ਵਿਚ ਪ੍ਰਵੇਸ਼ ਕੀਤਾ। ਪੁਲ ਉੱਪਰ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ. ਐੱਸ. ਪੀ. ਗੌਰਵ ਤੂਰਾ ਅਤੇ ਹਲਕਾ ਇੰਚਾਰਜ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਮੱਥਾ ਟੇਕ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਅਤੇ ਹਲਕਾ ਇੰਚਾਰਜ ਵੱਲੋਂ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਅਤੇ ਪੰਜ ਪਿਆਰਿਆਂ ਅਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਸਾਹਿਬ ਭੇਟ ਕੀਤੇ ਗਏ।
ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਵੱਲੋਂ ਬੈਂਡ ਵਜਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਗੋਇੰਦਵਾਲ ਪੁਲ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ ਸੀ। ਇਸ ਤੋਂ ਇਲਾਵਾ ਸੰਗਤ ਵੱਲੋਂ ਮੁੰਡੀ ਮੋੜ ਵਿਖੇ ਲੰਗਰ ਦਾ ਪ੍ਰਬੰਧ ਕਰਨ ਤੋਂ ਇਲਾਵਾ ਪਿੰਡ ਉੱਚਾ, ਪ੍ਰਵੇਜ ਨਗਰ ਅਤੇ ਹੋਰਨਾਂ ਥਾਵਾਂ ਉਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ: ਅਹਿਮ ਖ਼ਬਰ: 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਚਲਾਈਆਂ ਜਾਣਗੀਆਂ ਵਿਸ਼ੇਸ਼ ਟ੍ਰੇਨਾਂ
ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਸਿਰਫ਼ ਕਿਸੇ ਇਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ।
ਹਲਕਾ ਇੰਚਾਰਜ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ’ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਪਹੁੰਚਾਇਆ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਤੋਂ ਪ੍ਰੇਰਣਾ ਲੈਂਦਿਆਂ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਅਨਿੰਨ੍ਹ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਿਦਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ ਉਨ੍ਹਾਂ ਨੇ ਇਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਵਪਾਰੀ ਨੇ ਪੁਲਸ 'ਤੇ ਲਾਏ ਥਰਡ ਡਿਗਰੀ ਦੇ ਦੋਸ਼! ਪੈਰ ਤੋੜਿਆ ਤੇ ਜਬਰਨ ਲਾਈ ਹੱਥਕੜੀ
ਇਸ ਤੋਂ ਇਲਾਵਾ ਕਪੂਰਥਲਾ ਸ਼ਹਿਰ ਵਿਖੇ ਬੱਸ ਅੱਡੇ ਨੇੜੇ ਸ਼ਹਿਰ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਹਲਕਾ ਇੰਚਾਰਜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨੁੱਖਤਾ ਤੇ ਧਰਮ ਲਈ ਕੀਤੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਅੱਤਿਆਚਾਰ ਦੇ ਖ਼ਿਲਾਫ਼ ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਸ਼ਹਿਰ ਦੀ ਸੰਗਤ ਵੱਲੋਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਵਿੱਚ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸੰਗਤ ਵੱਲੋਂ ਨਗਰ ਕੀਰਤਨ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਇਥੋਂ ਇਹ ਨਗਰ ਕੀਰਤਨ ਅੱਗੇ ਵੱਧਦਾ ਹੋਇਆ ਕਰਤਾਰਪੁਰ ਤੋਂ ਜ਼ਿਲ੍ਹਾ ਜਲੰਧਰ ਵਿਚ ਦਾਖ਼ਲ ਹੋ ਗਿਆ। ਇਹ ਨਗਰ ਕੀਰਤਨ 22 ਨਵੰਬਰ ਨੂੰ ਫਗਵਾੜਾ ਤੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ ਕੀਤੀ 25 ਤਾਰੀਖ਼ ਤੱਕ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
