ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ

01/19/2021 4:17:16 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸਾਹਿਬੇ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 20 ਜਨਵਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ। ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਭਲਕੇ 19 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਘੰਟਾ ਘਰ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਬਜ਼ਾਰ ਲੋਹਾਰਾਂ, ਲਛਮਣਸਰ ਚੌਂਕ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ, ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਇਹ ਵੀ ਪੜ੍ਹੋ : ਪ੍ਰਕਾਸ਼ ਦਿਹਾੜੇ ਮੌਕੇ ਖ਼ਾਲਸਾਈ ਸ਼ਾਨੋ ਸ਼ੌਕਤ ਦੇ ਨਾਲ ਸਜਾਏ ਗਏ ਨਗਰ ਕੀਰਤਨ    

ਇਸ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 20 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਉਪਰੰਤ ਦੀਵਾਨ ਸੱਜਣਗੇ। ਦੁਪਹਿਰ 1 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੀਕ ਕਵੀ ਦਰਬਾਰ ਹੋਵੇਗਾ, ਜਿਸ ’ਚ ਕਵੀਆਂ ਵੱਲੋਂ ਦਸਮ ਪਾਤਸ਼ਾਹ ਜੀ ਦੇ ਜੀਵਨ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ ਜਾਣਗੀਆਂ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।

ਇਹ ਵੀ ਪੜ੍ਹੋ : ਕੈਪਟਨ ਨੂੰ ਸਿਆਸਤ ਦਾ ਇੰਨਾ ਲਾਲਸੀ ਨਹੀਂ ਹੋਣਾ ਚਾਹੀਦਾ ਕਿ ਚੰਗੇ-ਮਾੜੇ ਦਾ ਪਤਾ ਨਾ ਲੱਗੇ : ਮਨੋਹਰ ਲਾਲ

 

Anuradha

This news is Content Editor Anuradha