400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਵੇਗਾ ਨਗਰ ਕੀਰਤਨ : ਬੀਬੀ ਜਗੀਰ ਕੌਰ

03/16/2021 3:47:50 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਸਜਾਇਆ ਜਾਣ ਵਾਲਾ ਨਗਰ ਕੀਰਤਨ 20 ਮਾਰਚ ਨੂੰ ਆਰੰਭ ਹੋਵੇਗਾ। ਇਸ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨਤਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਜਿਥੇ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਅਸਥਾਨਾਂ ’ਤੇ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ, ਉਥੇ ਹੀ ਨਗਰ ਕੀਰਤਨ ਵੀ ਯਾਦਗਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਸਬੰਧੀ ਰੂਟ ਤਿਆਰ ਕਰ ਲਿਆ ਗਿਆ, ਜਿਸ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਹਰ ਅਸਥਾਨ ਤੋਂ ਹੋ ਕੇ ਇਹ ਨਗਰ ਕੀਰਤਨ ਸੰਪੰਨ ਹੋਵੇਗਾ। ਇਥੇ ਮਾਲਵਾ ਖੇਤਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਇਕੱਤਰਤਾ ਮਗਰੋਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਇਸੇ ਅਧੀਨ ਹੀ ਭਲਕੇ 16 ਮਾਰਚ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪੰਜ ਹਜ਼ਾਰ ਸਹਿਜਪਾਠਾਂ ਦੇ ਭੋਗ ਪਾਏ ਜਾਣਗੇ ਅਤੇ ਇਸੇ ਦੌਰਾਨ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਾ ਵੀ ਕੀਤੀ ਜਾਵੇਗੀ। ਬਾਬਾ ਬਕਾਲਾ ਸਾਹਿਬ ਵਿਖੇ ਹੀ ਤਿੰਨ ਦਿਨਾਂ ਸਮਾਗਮਾਂ ਦੌਰਾਨ 17 ਮਾਰਚ ਨੂੰ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸੰਮੇਲਨ ਅਤੇ 18 ਮਾਰਚ ਨੂੰ ਮੁੱਖ ਸਮਾਗਮ ਹੋਵੇਗਾ।  

ਇਹ ਵੀ ਪੜ੍ਹੋ : ਕਰਤਾਰਪੁਰ ਲਾਂਘਾ ਬੰਦ ਹੋਏ ਨੂੰ ਇਕ ਸਾਲ ਪੂਰਾ, ਦੇਖੋ ਕੀ ਬੋਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਦੇ ਸੁਝਾਅ ਜਾਣਨ ਮਗਰੋਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਹਲਕੇ ਵਿਚ ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਪੁਰਬ ਨੂੰ ਸਮਰਪਿਤ ਸਮਾਗਮ ਕੀਤੇ ਜਾਣਗੇ ਅਤੇ ਖਾਸਕਰ ਨੌਜਵਾਨਾਂ ਅਤੇ ਬੱਚਿਆਂ ਨੂੰ ਗੁਰਮਤਿ ਦਿ੍ਰੜ੍ਹ ਕਰਵਾਈ ਜਾਵੇਗੀ। ਇਸ ਕਾਰਜ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਵੱਲੋਂ ਪਿੰਡ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ। ਪਿੰਡ ਪੱਧਰ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਰਨਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਹਰ ਤਿੰਨ ਮਹੀਨੇ ਬਾਅਦ ਇਕੱਤਰਤਾਵਾਂ ਕੀਤੀਆਂ ਜਾਣਗੀਆਂ, ਤਾਂ ਜੋ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਸੰਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤਿ੍ਰੰਗ ਮੈਂਬਰ ਬਲਦੇਵ ਸਿੰਘ ਚੂੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਿ੍ਰੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਓ. ਅੈੱਸ. ਡੀ. ਸੁਖਬੀਰ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੀ ਵਰਕਿੰਗ ਕਮੇਟੀ ਦੇ 87 ਮੈਬਰਾਂ ਦਾ ਐਲਾਨ


Anuradha

Content Editor

Related News