ਪੰਜਾਬ ''ਚ ਚੋਣਾਂ ਤੋਂ ਪਹਿਲਾਂ ਭਾਜਪਾ ''ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ
Saturday, Feb 21, 2026 - 05:39 PM (IST)
ਅੰਮ੍ਰਿਤਸਰ (ਵੈੱਬ ਡੈਸਕ): ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਹੁਣ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ ਤੇ ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਿਚਾਲੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਸਿਆਸੀ ਭਵਿੱਖ ਬਾਰੇ ਵੀ ਵੱਡਾ ਸਵਾਲ ਹੈ ਕਿ ਸਿੱਧੂ ਜੋੜਾ 2027 ਵਿਚ ਕੀ ਫ਼ੈਸਲਾ ਲਵੇਗਾ। ਨਵਜੋਤ ਕੌਰ ਸਿੱਧੂ ਦੇ ਹਾਲ ਹੀ ਵਿਚ ਦਿੱਤੇ ਬਿਆਨਾਂ ਤੋਂ ਉਨ੍ਹਾਂ ਦੇ ਭਾਜਪਾ ਵੱਲ ਝੁਕਾਅ ਦੀ ਚਰਚਾ ਚੱਲ ਰਹੀ ਹੈ, ਜਿਸ ਕਾਰਨ ਇਹ ਕਿਆਸਅਰਾਈਆਂ ਹਨ ਕਿ ਉਹ ਭਾਰਤੀ ਜਨਤਾ ਪਾਰਟੀ ਵਿਚ ਜਾ ਸਕਦੇ ਹਨ। ਇਸ ਵਿਚਾਲੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।
ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਇਕ ਪ੍ਰੋਗਰਾਮ ਲਈ ਅੰਮ੍ਰਿਤਸਰ ਵਿਖੇ ਪਹੁੰਚੇ ਸਨ। ਇਸ ਦੌਰਾਨ ਪੱਤਰਕਾਰਾਂ ਵੱਲੋਂ ਜਦੋਂ ਉਨ੍ਹਾਂ ਤੋਂ ਸਿੱਧੂ ਜੋੜੇ ਦੇ ਉਨ੍ਹਾਂ ਦੇ ਸੰਪਰਕ ਵਿਚ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਫ਼ਿਲਹਾਲ ਉਹ ਉਨ੍ਹਾਂ ਦੇ ਸੰਪਰਕ ਵਿਚ ਨਹੀਂ ਹਨ। ਇਸ ਦੇ ਨਾਲ ਹੀ ਨਾਇਬ ਸੈਣੀ ਨੇ ਇਹ ਵੀ ਆਖਿਆ ਕਿ ਜਦੋਂ ਵੀ ਸਿੱਧੂ ਜੋੜਾ ਉਨ੍ਹਾਂ ਦੇ ਸੰਪਰਕ ਵਿਚ ਹੋਇਆ ਤਾਂ ਉਹ ਜ਼ਰੂਰ ਦੱਸ ਦੇਣਗੇ।
ਇੱਥੇ ਦੱਸ ਦਈਏ ਕਿ ਡਾ. ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਪਾਰਟੀ ਅੰਦਰ ਭ੍ਰਿਸ਼ਟਾਚਾਰ ਅਤੇ ਕਈ ਸੀਨੀਅਰ ਲੀਡਰਾਂ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਏ ਗਏ ਸਨ। ਇਸ ਮਗਰੋਂ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਫ਼ਿਲਹਾਲ ਨਵਜੋਤ ਸਿੰਘ ਸਿੱਧੂ ਸਿਆਸਤ ਵਿਚ ਸਰਗਰਮ ਨਹੀਂ ਹਨ, ਪਰ ਡਾ. ਨਵਜੋਤ ਕੌਰ ਸਿੱਧੂ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਲੋਕਾਂ ਦੀ ਸੇਵਾ ਕਰਦੇ ਰਹਿਣਗੇ, ਭਾਵੇਂ ਉਹ ਸਿਆਸਤ ਵਿਚ ਰਹਿਣ ਜਾਂ ਕੋਈ ਸਮਾਜ ਸੇਵੀ ਸੰਸਥਾ ਬਣਾਉਣ। ਹੁਣ ਸਿੱਧੂ ਜੋੜਾ ਕੀ ਸਿਆਸੀ ਫ਼ੈਸਲਾ ਲੈਂਦਾ ਹੈ, ਇਸ ਦਾ ਜਵਾਬ ਤਾਂ ਆਉਣ ਵਾਲੇ ਸਮੇਂ 'ਚ ਹੀ ਮਿਲ ਸਕਦਾ ਹੈ।
