550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਬੈਠਕ

11/08/2018 4:24:29 PM

ਜਲੰਧਰ (ਵੈੱਬ ਡੈਸਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਇਕ ਉੱਚ ਪੱਧਰੀ ਬੈਠਕ ਨਵੀਂ ਦਿੱਲੀ ਵਿਖੇ ਗ੍ਰਹਿ ਮੰਤਰੀ ਰਾਜ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਮੰਤਰੀ ਨਵਜੋਤ ਸਿੰਘ ਸਿੱਧੂ, ਦਿੱਲੀ ਗੁਰਦੁਆਰਾ ਪ੍ਰਬੰਧਕ ਦੇ ਮਨਜੀਤ ਸਿੰਘ ਜੀ.ਕੇ., ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਆਦਿ ਹਾਜ਼ਰ ਸਨ। ਇਸ ਬੈਠਕ ਦੌਰਾਨ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। 

ਭਾਈ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗਠਿਤ ਕੀਤੀ ਕਮੇਟੀ ਦੀ ਮੀਟਿੰਗ 'ਚ ਉਨ੍ਹਾਂ ਨੇ ਸਿੱਖ ਕੌਮ ਵੱਲੋਂ ਸੁਝਾਅ ਦਿੱਤਾ ਹੈ ਕਿ ਗੁਰੂ ਸਾਹਿਬ ਜੀ ਦੇ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਫਰਾਖਦਿਲੀ ਨਾਲ ਕਾਰਜ ਕੀਤਾ ਜਾਵੇ। ਇਹ ਸੰਗਤਾਂ ਦੀ ਚਿਰੋਕਣੀ ਮੰਗ ਹੈ ਤੇ ਇਹ ਲਾਂਘਾ ਖੁੱਲ੍ਹਣ ਨਾਲ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਗੁਰੂ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਸਰਹੱਦ ਜਿਥੋਂ ਸੰਗਤ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕਰਦੀ ਹੈ, ਵਿਖੇ ਵੱਧ ਪਹੁੰਚ ਵਾਲੇ ਕੈਮਰੇ ਤੇ ਦੂਰਬੀਨਾਂ ਲਾਉਣ ਦੀ ਸ਼੍ਰੋਮਣੀ ਕਮੇਟੀ ਨੂੰ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਥੇ ਇਕ ਟਾਵਰ ਵੀ ਲਾਉਣ ਦੀ ਇੱਛਾ ਰੱਖਦੀ ਹੈ ਤਾਂ ਜੋ ਉਸ 'ਤੇ ਵੱਡੀ ਸਕਰੀਨ ਸਥਾਪਿਤ ਕਰ ਕੇ ਕਰਤਾਰਪੁਰ ਸਾਹਿਬ ਦੇ ਸੰਗਤ ਨੂੰ ਸਿੱਧੇ ਦਰਸ਼ਨ ਕਰਵਾਏ ਜਾ ਸਕਣ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਗੁਰੂ ਸਾਹਿਬ ਨਾਲ ਸਬੰਧਤ ਨਗਰੀ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਐਲਾਨਣ ਤੇ ਇਸ ਦੇ ਵਿਕਾਸ ਲਈ ਵਿਸ਼ੇਸ਼ ਰਾਸ਼ੀ ਜਾਰੀ ਕਰਨ ਨੂੰ ਤਰਜੀਹੀ ਤੌਰ 'ਤੇ ਲੈਣ ਨੂੰ ਕਿਹਾ ਹੈ ਕਿਉਂਕਿ ਸੁਲਤਾਨਪੁਰ ਲੋਧੀ ਵਿਖੇ ਸਾਰੇ ਸਮਾਗਮ ਕੀਤੇ ਜਾਣੇ ਹਨ, ਇਸ ਲਈ ਇਥੇ ਕੇਂਦਰ ਸਰਕਾਰ ਵੱਲੋਂ ਸਿੱਖ ਵਿਰਾਸਤ ਨੂੰ ਰੂਪਮਾਨ ਕਰਦਾ ਅਜਾਇਬਘਰ ਬਣਾਇਆ ਜਾਵੇ ਅਤੇ ਸਮੁੱਚੇ ਸ਼ਹਿਰ ਨੂੰ ਚਿੱਟੇ ਰੰਗ ਨਾਲ ਇਕਸਾਰ ਸਜਾਇਆ ਜਾਵੇ। ਸ਼ਹਿਰ ਵਿਚ ਗੁਰੂ ਸਾਹਿਬ ਦੀ ਯਾਦ ਨੂੰ ਦਰਸਾਉਂਦੀ ਵੇਈਂ ਦੀ ਸਾਂਭ-ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰਮਤਿ ਸਮਾਗਮ ਕਰਵਾਉਣ ਤੇ ਨਗਰ ਕੀਰਤਨ ਸਜਾਉਣ ਲਈ ਕੇਂਦਰ ਸਰਕਾਰ ਵੱਲੋਂ ਇਕ ਕਮੇਟੀ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਂਦੇ ਸ਼ਰਧਾਲੂਆਂ ਦੇ ਜਥਿਆਂ ਦੇ ਮੈਂਬਰਾਂ ਵਿਚ ਵੀ ਵਾਧਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕੇ।

ਭਾਈ ਲੌਂਗੋਵਾਲ ਨੇ ਇਕੱਤਰਤਾ ਦੌਰਾਨ ਇਕ ਅਹਿਮ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਕੁਝ ਵਿਸ਼ੇਸ਼ ਸਿੱਖਿਆਵਾਂ ਯੂਨੈਸਕੋ ਨੂੰ ਭੇਜੀਆਂ ਜਾਣ, ਜੋ ਯੂਨੈਸਕੋ ਨੂੰ ਵੱਖ-ਵੱਖ ਭਾਸ਼ਾਵਾਂ 'ਚ ਅਨੁਵਾਦ ਕਰ ਕੇ ਦੁਨੀਆ ਸਾਹਮਣੇ ਰੱਖਣ ਲਈ ਕਿਹਾ ਜਾਵੇ। ਗੁਰੂ ਸਾਹਿਬ ਦੀਆਂ ਪਾਵਨ ਸਿੱਖਿਆਵਾਂ ਬਾਰੇ ਲਿਖਤੀ ਦਸਤਾਵੇਜ਼ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਜਾਵੇਗਾ ਤਾਂ ਜੋ ਇਹ ਸਿੱਖਿਆਵਾਂ ਮੂਲ ਰੂਪ ਵਿਚ ਦੁਨੀਆ ਤੱਕ ਪਹੁੰਚ ਸਕਣ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਤਰਲੋਚਨ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਵੀ ਮੌਜੂਦ ਸਨ।

Baljeet Kaur

This news is Content Editor Baljeet Kaur