ਕੀ ਟੁੱਟੇਗੀ ਰਵਾਇਤ, ਸਰਕਾਰ ਬਣਨ ਦੇ 10 ਦਿਨ ਬਾਅਦ ਟਵਿੱਟਰ ਤੱਕ ਸੀਮਤ ਹੈ ਮੋਦੀ ਤੇ ਭਗਵੰਤ ਮਾਨ ਦੀ ਮੁਲਾਕਾਤ

03/21/2022 1:09:24 PM

ਲੁਧਿਆਣਾ (ਹਿਤੇਸ਼) : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ 10 ਦਿਨਾਂ ਬਾਅਦ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ ਟਵਿੱਟਰ ’ਤੇ ਸੀਮਤ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਪਾਰਟੀ ਭਾਵੇਂ ਕੋਈ ਵੀ ਹੋਵੇ, ਕਿਸੇ ਵੀ ਸੂਬੇ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਜ਼ਰੂਰ ਕੀਤੀ ਜਾਂਦੀ ਹੈ। ਇਸ ਦੌਰਾਨ ਮੁੱਖ ਰੂਪ ਤੋਂ ਕੇਂਦਰ ਦੇ ਪੱਧਰ ’ਤੇ ਹੋਣ ਵਾਲੇ ਫ਼ੈਸਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਚੁੱਕਿਆ ਜਾਂਦਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇਹ ਰਸਮੀ ਕਾਰਵਾਈ ਕੈਪਟਨ ਅਮਰਿੰਦਰ ਸਿੰਘ ’ਤੇ ਭਾਜਪਾ ਨਾਲ ਮਿਲੇ ਹੋਣ ਦਾ ਦੋਸ਼ ਲਾਉਣ ਵਾਲੇ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੇ ਕੁੱਝ ਦਿਨਾਂ ਬਾਅਦ ਨਿਭਾਈ ਗਈ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਹਾਲਾਤ ਬਿਲਕੁਲ ਵੱਖਰੇ ਹਨ।

ਇਹ ਵੀ ਪੜ੍ਹੋ : ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਇਸ ਦੇ ਤਹਿਤ 10 ਦਿਨਾਂ ਬਾਅਦ ਵੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦੀ ਦਿਸ਼ਾ ’ਚ ਕਦਮ ਨਹੀਂ ਚੁੱਕਿਆ ਗਿਆ। ਇਸ ਨੂੰ ਆਮ ਆਦਮੀ ਪਾਰਟੀ ਦੇ ਦਿੱਲੀ ’ਚ ਭਾਜਪਾ ਨਾਲ ਰਿਸ਼ਤਿਆਂ ’ਚ ਕੌੜੇਪਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇੱਥੋਂ ਤੱਕ ਦੋਹਾਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ’ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਇਕ-ਦੂਜੇ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਹੈ। ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਬਹੁਮਤ ਮਿਲਣ ਅਤੇ ਸਰਕਾਰ ਦਾ ਗਠਨ ਹੋਣ ’ਤੇ ਟਵਿੱਟਰ ਜ਼ਰੀਏ ਵਧਾਈ ਦਿੱਤੀ ਗਈ ਸੀ, ਜਿਸ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਗਿਆ, ਜੋ ਰਿਸ਼ਤਾ ਇਸ ਤੋਂ ਅੱਗੇ ਨਹੀਂ ਵੱਧ ਸਕਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਜਾਰੀ ਕੀਤੇ ਨਵੇਂ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh