ਨਰਿੰਦਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕੀਤੀ ਜਾਵੇਗੀ ਹਰ ਸੰਭਵ ਮਦਦ : ਅਰੋੜਾ
Saturday, Jan 25, 2020 - 06:03 PM (IST)

ਹੁਸ਼ਿਆਰਪੁਰ (ਘੁੰਮਣ)— ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਲੰਡਨ 'ਚ ਮਾਰੇ ਗਏ ਹੁਸ਼ਿਆਰਪੁਰ ਦੇ ਪਿੰਡ ਆਦਮਵਾਲ ਨਿਵਾਸੀ ਨਰਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕੈਬਨਿਟ ਮੰਤਰੀ ਨੇ ਮ੍ਰਿਤਕ ਨਰਿੰਦਰ ਦੇ ਪਿਤਾ ਹਰਜੀਤ ਸਿੰਘ ਨਾਲ ਹਮਦਰਦੀ ਪ੍ਰਗਟ ਕਰਦੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ 'ਚ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਵੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਕੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਨਰਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ 'ਚ ਜਲਦ ਲਿਆਉਣ ਲਈ ਪੂਰੀ ਮਦਦ ਕਰਨਗੇ।
ਉਨ੍ਹਾਂ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਕਿ ਬੇਸ਼ੱਕ ਨਰਿੰਦਰ ਦੀ ਕਮੀ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਉਹ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਸਮੇਂ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾ ਕੰਮ ਨਰਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣਾ ਹੈ, ਜਿਸ ਲਈ ਮੁੱਖ ਮੰਤਰੀ ਪੰਜਾਬ ਰਾਹੀਂ ਕੇਂਦਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 19 ਜਨਵਰੀ ਨੂੰ ਲੰਡਨ 'ਚ ਆਦਮਵਾਲ ਹੁਸ਼ਿਆਰਪੁਰ ਦੇ ਨਰਿੰਦਰ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਨਰਿੰਦਰ 6 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 10 ਸਾਲ ਪਹਿਲਾਂ ਪਰਿਵਾਰ ਨੇ ਉਸ ਨੂੰ ਲੰਡਨ ਭੇਜਿਆ ਸੀ।