ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਨੂੰ ਲੈ ਕੇ ਸਿੱਖ ਜਥੇਬੰਦੀਆਂ ''ਚ ਰੋਸ

Wednesday, Oct 25, 2017 - 11:45 AM (IST)

ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਨੂੰ ਲੈ ਕੇ ਸਿੱਖ ਜਥੇਬੰਦੀਆਂ ''ਚ ਰੋਸ

ਅੰਮ੍ਰਿਤਸਰ (ਛੀਨਾ) - ਰਾਸ਼ਟਰੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਕਰਵਾਏ ਜਾ ਰਹੇ ਸਮਾਗਮ ਨੂੰ ਲੈ ਕੇ ਸਿੱਖ ਜਥੇਬੰਦੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਕੌਂਸਲਰ ਨੇ ਕਿਹਾ ਕਿ ਰਾਸ਼ਟਰੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ, ਜਿਸ ਤੋਂ ਸਿੱਖ ਸੰਗਤ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਰ. ਐੱਸ. ਐੱਸ. ਸਿੱਖ ਕੌਮ ਦੇ ਮਾਮਲਿਆਂ ਤੋਂ ਦੂਰ ਹੀ ਰਹੇ ਤਾਂ ਉਸ ਲਈ ਚੰਗਾ ਹੋਵੇਗਾ, ਨਹੀਂ ਤਾਂ ਉਸ ਨੂੰ ਸਿੱਖ ਜਥੇਬੰਦੀਆਂ ਦੇ ਭਾਰੀ ਗੁੱਸੇ ਦਾ ਸ਼ਿਕਾਰ ਹੋਣਾ ਪਵੇਗਾ।
ਉਨ੍ਹਾਂ ਕਿਹਾ ਕਿ ਹਰ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ ਤੇ ਤਤਕਾਲੀਨ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵੱਲੋਂ ਆਰ. ਐੱਸ. ਐੱਸ. ਦੇ ਬਾਈਕਾਟ ਦਾ ਜੋ ਹੁਕਮਨਾਮਾ ਜਾਰੀ ਕੀਤਾ ਗਿਆ ਸੀ ਉਸ 'ਤੇ ਹਰ ਸਿੱਖ ਪੂਰੀ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਵਚਨਬੱਧ ਹੈ। ਰਾਸ਼ਟਰੀ ਸਿੱਖ ਸੰਗਤ ਵੱਲੋਂ ਉਲੀਕੇ ਗਏ ਸਮਾਗਮ 'ਤੇ ਫੈੱਡਰੇਸ਼ਨ ਮਹਿਤਾ ਦੀ ਬਾਜ ਅੱਖ ਰਹੇਗੀ ਅਤੇ ਜਿਹੜੇ ਵੀ ਸਿੱਖ ਇਸ ਸੰਮੇਲਨ 'ਚ ਸ਼ਮੂਲੀਅਤ ਕਰਨਗੇ ਉਹ ਕੌਮ ਦੇ ਗੱਦਾਰ ਅਖਵਾਉਣਗੇ।  ਇਸ ਸਮੇਂ ਸਿਮਰਨਜੀਤ ਸਿੰਘ ਭੁੱਲਰ, ਜਗਪ੍ਰੀਤ ਸਿੰਘ ਮਣੀ, ਰਣਜੀਤ ਸਿੰਘ, ਯੁਵਰਾਜ ਸਿੰਘ ਚੌਹਾਨ, ਮਨਜੀਤ ਸਿੰਘ ਜੌੜਾ ਫਾਟਕ, ਕਰਨਜੀਤ ਸਿੰਘ ਸੱਗੂ ਤੇ ਫੈੱਡਰੇਸ਼ਨ ਦੇ ਹੋਰ ਵੀ ਆਗੂ ਹਾਜ਼ਰ ਸਨ।


Related News