ਮੰਗ ਪੂਰੀ ਨਾ ਹੋਣ ’ਤੇ ਕਿਸਾਨਾਂ ਜਥੇਬੰਦੀਆਂ ਵਲੋਂ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ
Tuesday, Feb 18, 2020 - 03:35 PM (IST)
ਦੀਨਾਨਗਰ (ਦੀਪਕ) - ਕਿਸਾਨ ਜਥੇਬੰਦੀਆਂ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਹੋਣ ਕਰਕੇ ਪਿਛਲੇ 8 ਦਿਨਾਂ ਤੋਂ ਗੁਰਦਾਸਪੁਰ ਸਹਿਕਾਰੀ ਖੰਡ ਮਿਲ ਦੇ ਬਾਹਰ ਧਰਨੇ ’ਤੇ ਬੈਠੇ ਹੋਏ ਹਨ। ਧਰਨੇ ਦੌਰਾਨ ਸਰਕਾਰੀ ਅਧਿਕਾਰੀਆਂ ਵਲੋਂ ਕਿਸੇ ਤਰ੍ਹਾਂ ਦੀ ਸਾਰ ਨਾ ਲਏ ਜਾਣ ਕਾਰਨ ਗੁੱਸੇ ’ਚ ਆਈਆਂ ਕਿਸਾਨਾਂ ਜਥੇਬੰਦੀਆਂ ਨੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਅਤੇ ਮਿਲ਼ ਮੈਨੇਜਮੈਂਟ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਹਾਈਵੇਅ ਜਾਮ ਹੋਣ ’ਤੇ ਮੌਕੇ ’ਤੇ ਪੁੱਜੇ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਧਰਨਾ ਚੁੱਕਣ ਲਈ ਕਿਹਾ ਗਿਆ। ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਸਰਕਾਰ ਤੱਕ ਪਹੁਚਾਉਣ ਦੀ ਅਪੀਲ ਵੀ ਕੀਤੀ ਪਰ ਕਿਸਾਨ ਆਗੂਆਂ ਨੇ ਇਕ ਨਹੀਂ ਮੰਨੀ ਅਤੇ ਧਰਨਾ ਜਾਰੀ ਰੱਖਿਆ। ਗੁੱਸ ਦੀ ਭਾਵਨਾ ’ਚ ਕਿਸਾਨਾਂ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਖਾਤਿਆਂ ’ਚ ਬਕਾਇਆ ਰਾਸ਼ੀ ਨਹੀਂ ਪਾਈ ਜਾਂਦੀ, ਉਨ੍ਹਾਂ ਦਾ ਧਰਨਾ ਉਦੋਂ ਤੱਕ ਇਸੇ ਤ੍ਰਰਾਂ ਜਾਰੀ ਰਹੇਗਾ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ 3 ਸਾਲਾ ਤੋਂ ਗੰਨਾ ਕਿਸਾਨਾਂ ਦੀ ਕਰੋੜਾਂ ਰੁਪਏ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਦੇ ਘਰ ਦਾ ਗੁਜ਼ਾਰਾ ਤੇ ਨਵੀਂ ਫਸਲ ਦੀ ਕਟਾਈ ਦੀ ਸੱਮਸਿਆ ਆ ਰਹੀ ਹੈ। ਦੂਜੇ ਪਾਸੇ ਗੁਰਦਾਸਪੁਰ ਦੀਆਂ ਖੰਡ ਮਿੱਲਾਂ ਵਲੋਂ ਪਰਚੀ ਦੀ ਸਹੀ ਵੰਡ ਨਾ ਕਰਨ ਕਰਕੇ ਕਿਸਾਨਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਆਗੂਆਂ ਨੇ ਕਿਹਾ ਜਦੋਂ ਤੱਕ ਉਨ੍ਹਾਂ ਦੀ ਬਕਾਇਆ ਰਾਸ਼ੀ ਖਾਤਿਆਂ ’ਚ ਨਹੀਂ ਪਾਈ ਜਾਂਦੀ, ਧਰਨਾ ਜਾਰੀ ਰਹੇਗਾ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।