ਨੈਸ਼ਨਲ ਲੋਕ ਅਦਾਲਤ ’ਚ 8381 ਕੇਸਾਂ ਦਾ ਨਿਪਟਾਰਾ

Saturday, Dec 14, 2024 - 05:23 PM (IST)

ਫਾਜ਼ਿਲਕਾ (ਨਾਗਪਾਲ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ-ਨਿਰਾਦੇਸ਼ਾਂ ਹੇਠ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਵਤਾਰ ਸਿੰਘ ਦੀ ਰਹਿਨੁਮਾਈ ਹੇਠ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ’ਚ ਦੋਹਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।

ਇਸ ਨੈਸ਼ਨਲ ਲੋਕ ਅਦਾਲਤ ’ਚ ਜ਼ਿਲ੍ਹਾ ਫਾਜ਼ਿਲਕਾ ਵਿਖੇ 8 ਬੈਂਚ ਲਗਾਏ ਗਏ। ਜਿਸ ’ਚ 4 ਬੈਂਚ ਫਾਜ਼ਿਲਕਾ, 3 ਬੈਂਚ ਅਬੋਹਰ ਅਤੇ 1 ਬੈਂਚ ਜਲਾਲਾਬਾਦ ਦੇ ਸਨ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਣਯੋਗ ਅਵਤਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ’ਚ 10388 ਕੇਸ ਲਗਾਏ ਗਏ, ਜਿਸ ’ਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਰੂਚੀ ਸਵੱਪਨ ਸ਼ਰਮਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉੱਥੇ ਉਨ੍ਹਾਂ ਲੋਕਾਂ ਦੇ ਸਮਾਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਰਾਹੀਂ ਦੋਹਾਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵਾਪਸ ਮਿਲ ਜਾਂਦੀ ਹੈ। ਇਸ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ’ਚ ਫ਼ੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਲੈਣ।


Babita

Content Editor

Related News