ਰਾਸ਼ਟਰੀ ਲੋਕ ਅਦਾਲਤ 13 ਸਤੰਬਰ ਨੂੰ
Thursday, Aug 28, 2025 - 04:45 PM (IST)

ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਅਤੇ ਸੈਸ਼ਨ ਜੱਜ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਰੁਣੇਸ਼ ਕੁਮਾਰ ਨੇ ਕਿਹਾ ਕਿ 13 ਸਤੰਬਰ 2025 ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ 'ਚ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਆਪਣਾ ਸਮਾਂ ਅਤੇ ਪੈਸਾ ਬਚਾਉਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਝਗੜੇ ਦੇ ਨਿਪਟਾਰੇ ਦੀ ਇੱਕ ਸਰਲ ਪ੍ਰਣਾਲੀ ਹੈ ਕਿਉਂਕਿ ਇਸ ਵਿੱਚ ਦੋਵਾਂ ਧਿਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਸਮਝੌਤਾ ਕਰਕੇ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਇਸ ਨਾਲ ਨਾ ਸਿਰਫ਼ ਧਿਰਾਂ ਵਿਚਕਾਰ ਆਪਸੀ ਦੁਸ਼ਮਣੀ ਘਟਦੀ ਹੈ, ਸਗੋਂ ਝਗੜਿਆਂ ਦਾ ਤੁਰੰਤ ਹੱਲ ਵੀ ਹੁੰਦਾ ਹੈ। ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ ਮਾਨ ਨੇ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਬਿਜਲੀ, ਪਾਣੀ, ਟੈਲੀਫੋਨ ਅਤੇ ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਿਤ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਤੋਂ ਪਹਿਲਾਂ ਜ਼ਿਲ੍ਹੇ ਦੇ ਲੋਕਾਂ ਨੂੰ ਲੋਕ ਅਦਾਲਤ ਦੇ ਫ਼ਾਇਦਿਆਂ ਬਾਰੇ ਜਾਗਰੂਕ ਕਰਨ ਲਈ ਕਈ ਸੈਮੀਨਾਰ ਆਯੋਜਿਤ ਕੀਤੇ ਗਏ ਸਨ।