ਜ਼ੀਰਾ ’ਚ 13 ਦਸੰਬਰ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ
Thursday, Dec 11, 2025 - 02:50 PM (IST)
ਜ਼ੀਰਾ (ਅਕਾਲੀਆਂ ਵਾਲਾ) : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ 13 ਦਸੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਅਦਾਲਤ ਦੇ ਮੈਂਬਰ ਸਤਿੰਦਰ ਸਚਦੇਵਾ ਨੇ ਦੱਸਿਆ ਕਿ ਲੋਕਾਂ ਨੂੰ ਸਸਤਾ ਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਹੋਵੇ ਅਤੇ ਲੋਕਾਂ ਦੇ ਮਨਾਂ ਵਿਚੋਂ ਦੁਸ਼ਮਨੀ ਨੂੰ ਜੜੋਂ ਖ਼ਤਮ ਕੀਤਾ ਜਾਵੇ, ਇਹ ਇਸ ਕੌਮੀ ਲੋਕ ਅਦਾਲਤ ਦੇ ਮੁੱਖ ਮੰਤਵ ਹਨ।
ਉਨ੍ਹਾਂ ਦੱਸਿਆ ਕਿ ਘਰੇਲੂ ਝਗੜੇ, ਮੋਟਰ ਵ੍ਹੀਕਲ ਮਾਮਲੇ, ਸੜਕ ਦੁਰਘਟਨਾ ਮੁਆਵਜ਼ਾ, ਜ਼ਮੀਨੀ ਝਗੜੇ, ਬਿਜਲੀ ਚੋਰੀ, ਚੈੱਕ ਬਾਊਂਸਿੰਗ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲੋਕ ਅਦਾਲਤ ਵਿਚ ਲਗਾਏ ਜਾ ਸਕਦੇ ਹਨ। ਸਤਿੰਦਰ ਸਚਦੇਵਾ ਨੇ ਕਿਹਾ ਕਿ ਇਹ ਲੋਕ ਅਦਾਲਤਾਂ ਆਮ ਲੋਕਾਂ ਲਈ ਵੱਡੀ ਰਾਹਤ ਦਾ ਸਾਧਨ ਹੁੰਦੀਆਂ ਹਨ ਕਿਉਂਕਿ ਇੱਥੇ ਸਮਾਂ ਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਮਾਧਿਅਮ ਨਾਲ ਦੋਹਾਂ ਪਾਰਟੀਆਂ ਵਿਚੋਂ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਮਜ਼ਬੂਤ ਹੁੰਦਾ ਹੈ। ਲੋਕ ਅਦਾਲਤ ਦੇ ਫੈਸਲੇ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫ਼ੀਸ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਇਸਦਾ ਫ਼ੈਸਲਾ ਦੀਵਾਨੀ ਅਦਾਲਤ ਦੀ ਡਿਗਰੀ ਦੇ ਬਰਾਬਰ ਮਾਨਤਾ ਰੱਖਦਾ ਹੈ। ਇਸ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਕੀਤੀ ਜਾ ਸਕਦੀ। ਸਟੇਟ ਮੈਂਬਰ ਸਤਿੰਦਰ ਸਚਦੇਵਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਵਿਚ ਕਰਵਾ ਕੇ ਵੱਧ ਤੋਂ ਵੱਧ ਲਾਭ ਯਕੀਨੀ ਬਣਾਇਆ ਜਾਵੇ।
