ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਰਾਜਪਾਲ ਵੱਲੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ
Tuesday, Apr 12, 2022 - 10:01 PM (IST)
ਗੁਰਦਾਸਪੁਰ/ਅੰਮ੍ਰਿਤਸਰ (ਮਮਤਾ, ਜੀਤ ਮਠਾਰੂ) : ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ਨਾਲ ਸਬੰਧਿਤ ਮਹੱਤਵਪੂਰਨ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ ਕੀਤੀਆਂ। ਇਸ ਤਹਿਤ ਗੁਰਦਾਸਪੁਰ ਤੇ ਅੰਮ੍ਰਿਤਸਰ ਵਿਖੇ ਆਯੋਜਿਤ ਮੀਟਿੰਗਾਂ ਦੌਰਾਨ ਬੀ. ਐੱਸ. ਐੱਫ., ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ, ਫੌਜ ਦੀ ਇੰਟੈਲੀਜੈਂਸ ਸਮੇਤ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ, ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਹਾਜ਼ਰ ਸਨ। ਮੀਟਿੰਗ 'ਚ ਸਰਹੱਦੀ ਜ਼ਿਲ੍ਹੇ ਨਾਲ ਸਬੰਧਿਤ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਪ੍ਰਮੁੱਖ ਮੁੱਦਿਆਂ ਨੂੰ ਉਠਾਇਆ ਗਿਆ ਅਤੇ ਸਾਰੀਆਂ ਏਜੰਸੀਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ : ਕਣਕ ਦੀ ਥਾਂ ਆਟਾ ਵੰਡਣ ਦੀ ਤਿਆਰੀ 'ਚ ਪੰਜਾਬ ਦੀ 'ਆਪ' ਸਰਕਾਰ!
ਇਸ ਮੌਕੇ ਜੇ. ਐੱਮ. ਬਾਲਾਮੁਰਗਨ ਪ੍ਰਿੰਸੀਪਲ ਸੈਕਟਰੀ ਰਾਜਪਾਲ ਪੰਜਾਬ, ਏ. ਕੇ. ਸਿਨਹਾ ਪ੍ਰਿੰਸੀਪਲ ਸੈਕਟਰੀ ਲੋਕਲ ਬਾਡੀ, ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਹਰਜੀਤ ਸਿੰਘ ਐੱਸ. ਐੱਸ. ਪੀ. ਗੁਰਦਾਸਪੁਰ, ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਹਰਪ੍ਰੀਤ ਸਿੰਘ ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ, ਅਮਨਪ੍ਰੀਤ ਸਿੰਘ ਐੱਸ. ਡੀ. ਐੱਮ. ਗੁਰਦਾਸਪੁਰ ਮੌਜੂਦ ਸਨ। ਰਾਜਪਾਲ ਨੇ ਆਪਣੇ ਸੰਬੋਧਨ ’ਚ ਲੋਕਾਂ ਨੂੰ ਸੀਮਾ ਸੁਰੱਖਿਆ ਬਲਾਂ ਦੀਆਂ ਅੱਖਾਂ ਤੇ ਕੰਨ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨਾਂ ਰਾਹੀਂ ਹਥਿਆਰ ਅਤੇ ਗੋਲਾ ਬਾਰੂਦ ਸੁੱਟਣ ਦੀਆਂ ਪਿਛਲੀਆਂ ਘਟਨਾਵਾਂ ਕਾਰਨ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਆਪਣੀ ਭੂਮਿਕਾ ਨਿਭਾਅ ਰਹੇ ਹਨ ਪਰ ਸਥਾਨਕ ਤੌਰ ’ਤੇ ਉਪਲਬਧ ਖੁਫੀਆ ਜਾਣਕਾਰੀ ਅਤੇ ਸਹਿਯੋਗ ਸੂਬੇ ’ਚ ਹਥਿਆਰਾਂ ਅਤੇ ਨਸ਼ੇ ਵਾਲੇ ਪਦਾਰਥਾਂ ਦੀ ਆਮਦ ਨੂੰ ਰੋਕਣ ਵਿਚ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਹਥਿਆਰਾਂ ਦੀ ਤਸਕਰੀ ਦੇ ਖਤਰੇ ਦਾ ਸ਼ਿਕਾਰ ਹਨ। ਇਸ ਲਈ ਇਹ ਲਾਜ਼ਮੀ ਹੈ ਕਿ ਸੂਬੇ ਅਤੇ ਦੇਸ਼ ਦੀ ਰੱਖਿਆ ਤੇ ਸੁਰੱਖਿਆ ਦੇ ਹਿੱਤ ਵਿਚ ਲੋਕ ਸੀਮਾ ਸੁਰੱਖਿਆ ਬਲਾਂ ਅਤੇ ਸੂਬਾ ਪੁਲਸ ਨੂੰ ਪੂਰਨ ਸਹਿਯੋਗ ਦੇਣ ਤੇ ਆਪਣੇ ਖੇਤਰ ਵਿਚ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ।