ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
Sunday, Jul 26, 2026 - 06:24 PM (IST)
ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਜ਼ਾਦ ਹੋਂਦ, ਸਵੈਮਾਨ ਅਤੇ ਹੱਕ-ਸੱਚ ਦਾ ਕੇਂਦਰ ਹੈ, ਜਿਸ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਤੀਸਰੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਅਗਲੇ ਪੜਾਅ ਦੀ ਰਵਾਨਗੀ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਮੇਂ-ਸਮੇਂ ਹਕੂਮਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ, ਪਰ ਗੁਰੂ ਦੀ ਬਖ਼ਸ਼ੀ ਕਲਾ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਧਾਂਤ ਹਰ ਸਮੇਂ ਅਡੋਲ ਰਿਹਾ ਅਤੇ ਕੌਮ ਨੂੰ ਸਹੀ ਦਿਸ਼ਾ ਦਿੰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਪੂਰੀ ਦੁਨੀਆ ਵਿੱਚ ਵੱਸਦੀ ਹੈ, ਤਾਂ ਵੀ ਹਰ ਸਿੱਖ ਦਾ ਆਤਮਿਕ ਅਤੇ ਪੰਥਕ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਹੈ। ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਅਸੀਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਰਹਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਰਹੀਏ ਅਤੇ ਕੌਮੀ ਏਕਤਾ ਨੂੰ ਹੋਰ ਮਜ਼ਬੂਤ ਕਰੀਏ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਹਰ ਚੁਣੌਤੀ ਦਾ ਹੱਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ 'ਚ...
ਜਥੇਦਾਰ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਉਦੇਸ਼ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਸੰਗਤਾਂ ਨੂੰ ਜੋੜਨਾ, ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਮੀਰੀ-ਪੀਰੀ ਦੇ ਮਹਾਨ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਸੰਗਤਾਂ ਨੂੰ ਇਸ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਤੋਂ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਮਤਾਵਾਂ ਨੇ ਉਨ੍ਹਾਂ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਆਉਣ, ਨਗਰ ਕੀਰਤਨ ਜਾਂ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਣਾ ਨਾ ਸਿਰਫ਼ ਗੁਰੂ ਘਰ ਦੀ ਪਰੰਪਰਾ ਦੇ ਵਿਰੁੱਧ ਹੈ, ਸਗੋਂ ਮਨੁੱਖੀ ਅਧਿਕਾਰਾਂ ਦੀ ਭਾਵਨਾ ਦੇ ਵੀ ਉਲਟ ਹੈ। ਅਜਿਹੀ ਮਾੜੀ ਮਾਨਸਿਕਤਾ ਨੂੰ ਪੰਥ ਕਦੇ ਪ੍ਰਵਾਨ ਨਹੀਂ ਕਰ ਸਕਦਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ `ਤੇ ਚੱਲਦਿਆਂ ਆਪਸੀ ਭਾਈਚਾਰਕ ਏਕਤਾ ਨਾਲ ਕੌਮ ਦੀ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਉਣ। ਇਹੀ ਮੀਰੀ-ਪੀਰੀ ਦੀ ਅਸਲ ਭਾਵਨਾ ਹੈ ਅਤੇ ਇਹੀ ਖਾਲਸਾ ਮਾਰਚ ਦਾ ਮੁੱਖ ਸੰਦੇਸ਼ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਉਸ ਮਹਾਨ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ, ਜੋ ਮਨੁੱਖ ਨੂੰ ਬਰਾਬਰੀ, ਨਿਆਂ, ਸੇਵਾ, ਨਸ਼ਾ-ਮੁਕਤੀ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਵੇਲੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਵਰਗੇ ਮਹਾਨ ਗੁਰਸਿੱਖਾਂ ਨੇ ਗੁਰੂ ਸਾਹਿਬ ਦੀ ਆਗਿਆ ਨਾਲ ਆਪਣੇ ਕਰ-ਕਮਲਾਂ ਨਾਲ ਸੇਵਾ ਨਿਭਾਈ। ਭਾਈ ਗੁਰਦਾਸ ਜੀ ਨੇ ਆਪਣੀ ਵਿਦਵਤਾ ਅਤੇ ਲਿਖਤ ਰਾਹੀਂ ਗੁਰਬਾਣੀ ਦੀ ਸਮਝ, ਗੁਰਮਤਿ ਦੀ ਰਹਿਣੀ-ਬਹਿਣੀ ਅਤੇ ਸਿੱਖ ਜੀਵਨ ਦਾ ਅਸਲ ਰਾਹ ਸੰਗਤਾਂ ਨੂੰ ਦੱਸਿਆ। ਇਸੇ ਤਰ੍ਹਾਂ ਭਾਈ ਮਨੀ ਸਿੰਘ ਜੀ ਨੇ ਆਪਣੀ ਕਲਮ, ਸੇਵਾ ਅਤੇ ਮਹਾਨ ਸ਼ਹਾਦਤ ਰਾਹੀਂ ਗੁਰੂ ਘਰ ਦੀ ਵਿਰਾਸਤ ਨੂੰ ਸੰਭਾਲਿਆ। ਇਨ੍ਹਾਂ ਮਹਾਨ ਗੁਰਸਿੱਖਾਂ ਦਾ ਯੋਗਦਾਨ ਸਿੱਖ ਇਤਿਹਾਸ ਦਾ ਅਨਮੋਲ ਖ਼ਜ਼ਾਨਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
ਮੀਰੀ ਪੀਰੀ ਖਾਲਸਾ ਮਾਰਚ ਦੀ ਤੀਸਰੇ ਦਿਨ ਆਰੰਭਤਾ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸ਼ਸ਼ੋਬਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਇਸ ਖਾਲਸਾ ਮਾਰਚ ਵਿੱਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਮੀਰੀ ਪੀਰੀ ਖਾਲਸਾ ਮਾਰਚ ਦਾ ਅੱਜ ਪਿੰਡ ਸੰਘੇ, ਨੌਰੰਗਾਬਾਦ, ਵੇਂਈਪੂਈਂ, ਖਡੂਰ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਹੋਠੀਆਂ ਸਮੇਤ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਸਲਾਮੀ ਦੇ ਸਤਿਕਾਰ ਭੇਟ ਕੀਤਾ ਗਿਆ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ,ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੇਈਂ ਪੂਈਂ, ਸੁਖਵਰਸ ਸਿੰਘ ਪੰਨੂ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ, ਹਲਕਾ ਇੰਚਾਰਜ ਬੀਬੀ ਕੰਚਨ ਪ੍ਰੀਤ ਕੌਰ, ਬੀਬੀ ਰਮਨਦੀਪ ਕੌਰ ਸੇ਼ੇਰੋਂ, ਓਐਸਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਨਰਿੰਦਰ ਸਿੰਘ, ਹਰਜਿੰਦਰ ਸਿੰਘ ਪੱਟੀ, ਧਰਮਿੰਦਰ ਸਿੰਘ, ਸਰਬਦਿਆਲ ਸਿੰਘ, ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸਿੰਘ, ਬਾਬਾ ਹੀਰਾ ਸਿੰਘ ਗੁਰਦੁਆਰਾ ਝੂਲਨੇ ਮਹਿਲ, ਕੁਲਦੀਪ ਸਿੰਘ ਸ਼ਹਿਰੀ ਪ੍ਰਧਾਨ, ਜਸਵੰਤ ਸਿੰਘ ਪ੍ਰਧਾਨ. ਗੁਰਸੇਵਕ ਸਿੰਘ ਸੇਖ, ਸਕੱਤਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
