ਨਵਜੋਤ ਸਿੱਧੂ ਵਲੋਂ ਜੇਤਲੀ ਸਣੇ ਤਿੰਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ

12/29/2017 7:29:20 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਧਾਰਮਿਕ ਅਤੇ ਇਤਿਹਾਸਕ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਵਿਰਾਸਤੀ ਸ਼ਹਿਰਾਂ ਵਿਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਸਥਾਪਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਤਿੰਨ ਕੇਂਦਰੀ ਮੰਤਰੀਆਂ ਅਰੁਣ ਜੇਤਲੀ, ਕੇ.ਜੇ.ਅਲਫੌਂਸ ਤੇ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤ ਸਰਕਾਰ ਦੇ ਸੈਰ ਸਪਾਟਾ ਮੰਤਰਾਲੇ ਵਲੋਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ। ਇਸ ਤੋਂ ਇਲਾਵਾ ਤਿੰਨ ਸ਼ਹਿਰਾਂ ਵਿਚ ਸਮਾਰਟ ਸਿਟੀ ਦਾ ਪ੍ਰਾਜੈਕਟ ਹੁਣ ਤੇਜ਼ੀ ਫੜੇਗਾ ਜਿਸ ਲਈ ਸਾਰੇ ਰਾਹ ਪੱਧਰੇ ਹੋ ਗਏ ਹਨ। ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਸਮਾਰਟ ਸਿਟੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੇਂਦਰ ਦੀ ਮੰਗ 'ਤੇ ਤੁਰੰਤ 50 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ 350 ਕਰੋੜ ਰੁਪਏ ਮਿਲਣਗੇ।
ਸਿੱਧੂ ਨੇ ਦੱਸਿਆ ਕਿ ਅੱਜ ਦੀਆਂ ਮੀਟਿੰਗਾਂ 'ਚੋਂ ਤਿੰਨੇ ਕੇਂਦਰੀ ਮੰਤਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਲਈ ਮਨਜ਼ੂਰ ਕੀਤੇ ਫੰਡ ਜਲਦ ਜਾਰੀ ਹੋਣਗੇ ਅਤੇ ਪੰਜਾਬ ਸਰਕਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸਿੱਧੂ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਲਈ 32 ਕਰੋੜ, ਫਤਹਿਗੜ੍ਹ ਸਾਹਿਬ ਲਈ 20 ਕਰੋੜ, ਚਮਕੌਰ ਸਾਹਿਬ ਲਈ 18 ਕਰੋੜ, ਖਟਕੜ ਕਲਾਂ ਤੇ ਹੁਸੈਨੀਵਾਲਾ ਲਈ 15 ਕਰੋੜ, ਜਲ੍ਹਿਆ ਵਾਲਾ ਬਾਗ ਲਈ 10 ਕਰੋੜ, ਸਾਰਾਗੜ੍ਹੀ ਯਾਦਗਾਰ ਲਈ 3 ਕਰੋੜ ਅਤੇ ਕਲਾਨੌਰ ਲਈ 2 ਕਰੋੜ ਰੁਪਏ ਹੋਏ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨਾਲ ਇਨ੍ਹਾਂ ਸ਼ਹਿਰਾਂ ਦਾ ਹੋਰ ਵਿਕਾਸ ਕੀਤਾ ਜਾਵੇਗਾ।
ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਪੁਰੀ ਨਾਲ ਮੀਟਿੰਗ ਬਾਰੇ ਦੱਸਦਿਆਂ ਸਿੱਧੂ ਨੇ ਕਿਹਾ ਕਿ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਢਾਂਚਾਗਤ ਸਹੂਲਤਾਂ ਨਾਲ ਲੈਸ ਕਰਨ ਲਈ ਠੋਸ ਵਿਚਾਰਾਂ ਕੀਤੀਆਂ ਗਈਆਂ ਕਿਉਂ ਜੋ ਭਾਰਤ ਦੇ ਹੋਰਨਾਂ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਰੋਜ਼ਾਨਾ ਕਰੀਬ 1 ਲੱਖ ਸ਼ਰਧਾਲੂ ਗੁਰੂ ਦੀ ਨਗਰੀ ਦੇ ਦਰਸ਼ਨ ਕਰਨ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਕੇਂਦਰੀ ਸਕੀਮਾਂ ਤੋਂ ਇਲਾਵਾ ਸਮਾਰਟ ਸਿਟੀ, ਹਿਰਦੇ ਤੇ ਅਮਰੁਤ ਯੋਜਨਾ ਤਹਿਤ ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਲਈ ਜਲਦ ਫੰਡ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ 6 ਜਨਵਰੀ 2018 ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨਗੇ ਜਿਸ ਮੀਟਿੰਗ ਦੀ ਤਿਆਰੀ ਵਜੋਂ 1 ਜਨਵਰੀ ਨੂੰ ਪੁਰੀ ਵੱਲੋਂ ਕੇਂਦਰੀ ਮੰਤਰਾਲੇ ਦੀ ਟੀਮ ਚੰਡੀਗੜ੍ਹ ਭੇਜੀ ਜਾ ਰਹੀ ਹੈ। ਇਸ ਮੌਕੇ ਮੀਟਿੰਗਾਂ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸ਼ਾਦ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ, ਪੀ.ਐਮ.ਆਈ.ਡੀ.ਸੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਅਜੋਏ ਸ਼ਰਮਾ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ ਵੀ ਹਾਜ਼ਰ ਸਨ।