ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ਨਾਲ ਕਾਂਗਰਸ ’ਚ ਫਿਰ ਘਮਸਾਨ, ਹੁਣ ਮਨੀਸ਼ ਤਿਵਾੜੀ ਨੇ ਦਿੱਤਾ ਵੱਡਾ ਬਿਆਨ
Monday, Aug 23, 2021 - 10:02 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰਾਂ ਵਲੋਂ ਲਗਾਤਾਰ ਵਿਵਾਦਤ ਬਿਆਨਬਾਜ਼ੀ ਕਰਨ ਤੋਂ ਬਾਅਦ ਹੁਣ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਕਾਰਵਾਈ ਦੀ ਮੰਗ ਕੀਤੀ ਹੈ। ਤਿਵਾੜੀ ਨੇ ਟਵੀਟ ਕਰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੂੰ ਅਪੀਲ ਕਰਦਿਆਂ ਆਖਿਆ ਹੈ ਕਿ ਜਿਹੜੇ ਲੋਕ ਜੰਮੂ-ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ ਹਨ, ਅਤੇ ਪਾਕਿਸਤਾਨੀ ਪੱਖੀ ਹਨ ਕੀ ਉਹ ਕਾਂਗਰਸ ਦਾ ਹਿੱਸਾ ਹੋਣੇ ਚਾਹੀਦੇ ਹਨ। ਇਸ ਟਵੀਟ ਦੇ ਨਾਲ ਤਿਵਾੜੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਉਹ ਬਿਆਨ ਵੀ ਸਾਂਝਾ ਕੀਤਾ ਹੈ, ਜਿਸ ਵਿਚ ਉਨ੍ਹਾਂ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਅਤੇ ਪਿਆਰੇ ਲਾਲ ਗਰਗ ਨੂੰ ਸੋਚ ਸਮਝ ਕੇ ਬਿਆਨਬਾਜ਼ੀ ਕਰਨ ਲਈ ਤਾੜਿਆ ਹੈ। ਇਥੇ ਹੀ ਬਸ ਨਹੀਂ ਤਿਵਾੜੀ ਨੇ ਆਖਿਆ ਹੈ ਕਿ ਅਜਿਹੇ ਬਿਆਨ ਉਨ੍ਹਾਂ ਸਾਰਿਆਂ ਦਾ ਮਜ਼ਾਕ ਉਡਾਉਂਦੇ ਹਨ, ਜਿਨ੍ਹਾਂ ਨੇ ਭਾਰਤ ਲਈ ਆਪਣਾ ਖੂਨ ਵਹਾਇਆ ਹੈ।
ਇਹ ਵੀ ਪੜ੍ਹੋ : ਪਿਆਰ ’ਚ ਧੋਖਾ ਮਿਲਣ ’ਤੇ ਟੁੱਟਿਆ ਮੁੰਡਾ, ਘਰੋਂ ਸਬ-ਇੰਸਪੈਕਟਰ ਦਾ ਪੇਪਰ ਦੇਣ ਗਏ ਨੇ ਹੋਟਲ ’ਚ ਕੀਤੀ ਖ਼ੁਦਕੁਸ਼ੀ
ਕੈਪਟਨ ਨੇ ਵੀ ਕੀਤੀ ਤਾੜਨਾ
ਦੱਸਣਯੋਗ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਹੈ ਕਿ ਉਹ ਆਪਣੇ ਸਲਾਹਕਾਰਾਂ ਦੀ ਬਿਆਨਬਾਜ਼ੀ ’ਤੇ ਲਗਾਮ ਲਗਾਉਣ। ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਸਲਿਆਂ ’ਤੇ ਸਿੱਧੂ ਦੇ ਸਲਾਹਕਾਰਾਂ ਦੀ ਵਿਵਾਦਿਤ ਬਿਆਨਬਾਜ਼ੀ ’ਤੇ ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸਲਾਹਕਾਰਾਂ ਦੇ ਇਹ ਬਿਆਨ ਪਾਕਿਸਤਾਨ ਅਤੇ ਕਸ਼ਮੀਰ ਸਬੰਧੀ ਭਾਰਤ ਅਤੇ ਕਾਂਗਰਸ ਪਾਰਟੀ ਦੀ ਪੁਜ਼ੀਸ਼ਨ ਦੇ ਬਿਲਕੁਲ ਉਲਟ ਹੈ। ਅਮਰਿੰਦਰ ਸਿੰਘ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਸੀਮਤ ਰਹਿਣ ਲਈ ਕਿਹਾ। ਨਾਲ ਹੀ, ਉਨ੍ਹਾਂ ਮਸਲਿਆਂ ’ਤੇ ਨਾ ਬੋਲਣ ਲਈ ਕਿਹਾ, ਜਿਨ੍ਹਾਂ ਸਬੰਧੀ ਉਨ੍ਹਾਂ ਨੂੰ ਜਾਂ ਤਾਂ ਥੋੜਾ-ਬਹੁਤ ਪਤਾ ਹੈ ਜਾਂ ਫਿਰ ਬਿਲਕੁਲ ਹੀ ਕੋਈ ਜਾਣਕਾਰੀ ਨਹੀਂ ਹੈ। ਇੱਥੋਂ ਤੱਕ ਕਿ ਉਨ੍ਹਾਂ ਨੂੰ ਆਪਣੀ ਬਿਆਨਬਾਜ਼ੀ ਦੇ ਨਿਕਲਣ ਵਾਲੇ ਅਰਥਾਂ ਦੀ ਵੀ ਸਮਝ ਨਹੀਂ ਹੈ।
ਇਹ ਵੀ ਪੜ੍ਹੋ : ਰੱਖੜੀ ਵਾਲੇ ਦਿਨ ਵਿਦੇਸ਼ੋਂ ਆਈ ਨੌਜਵਾਨ ਦੀ ਲਾਸ਼, ਇਕੱਠਿਆਂ ਹੋਇਆ ਮਾਂ-ਪੁੱਤ ਦਾ ਸਸਕਾਰ
ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਡਾ. ਪਿਆਰੇ ਲਾਲ ਗਰਗ ਵਲੋਂ ਪਾਕਿਸਤਾਨ ਦੀ ਨਿੰਦਾ ਕਰਨ ’ਤੇ ਉਨ੍ਹਾਂ ਨੂੰ ਕੀਤੇ ਗਏ ਸਵਾਲ ਅਤੇ ਇਸ ਤੋਂ ਪਹਿਲਾਂ ਕਸ਼ਮੀਰ ਸਬੰਧੀ ਮਾਲਵਿੰਦਰ ਸਿੰਘ ਮਾਲੀ ਦੀ ਵਿਵਾਦਿਤ ਬਿਆਨਬਾਜ਼ੀ ਦੇ ਸੰਦਰਭ ਵਿਚ ਸਾਹਮਣੇ ਆਈ ਹੈ। ਇਨ੍ਹਾਂ ਦੋਵਾਂ ਨੂੰ ਸਿੱਧੂ ਨੇ ਹਾਲ ਹੀ ਵਿਚ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਸੀ ਅਤੇ ਹੁਣ ਵੀ ਹੈ। ਇਸ ਦੇ ਉਲਟ ਮਾਲਵਿੰਦਰ ਮਾਲੀ ਨੇ ਪਾਕਿਸਤਾਨ ਦੀ ਹਾਂ ਵਿਚ ਹਾਂ ਮਿਲਾਉਣ ਵਾਲਾ ਬਿਆਨ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਦੇਸ਼ ਵਿਰੋਧੀ ਹੈ। ਉਨ੍ਹਾਂ ਮੱਲ੍ਹੀ ਦੀ ਨਿੰਦਾ ਕਰਦਿਆਂ ਕਿਹਾ ਕਿ ਨਾ ਸਿਰਫ਼ ਹੋਰ ਪਾਰਟੀਆਂ ਸਗੋਂ ਕਾਂਗਰਸ ਵਲੋਂ ਵੀ ਵਿਆਪਕ ਤੌਰ ’ਤੇ ਨਿੰਦਾ ਕੀਤੇ ਜਾਣ ਦੇ ਬਾਵਜੂਦ ਮਾਲੀ ਆਪਣਾ ਬਿਆਨ ਵਾਪਸ ਨਹੀਂ ਲਿਆ।
ਇਹ ਵੀ ਪੜ੍ਹੋ : ਪੀ.ਆਰ. ਮਿਲਣ ਦਾ ਮੌਕਾ ਆਇਆ ਤਾਂ ਵਰਤ ਗਿਆ ਭਾਣਾ, ਫ਼ਰੀਦਕੋਟ ਦੇ ਨੌਜਵਾਨ ਦੀ ਕੈਨੇਡਾ ’ਚ ਅਚਾਨਕ ਮੌਤ
ਨੋਟ - ਮਾਲਵਿੰਦਰ ਮਾਲੀ ਦੇ ਬਿਆਨਾਂ ਨੂੰ ਤੁਸੀਂ ਕਿਵੇਂ ਦੇਖਦੇ ਹੋ, ਕੁਮੈਂਟ ਕਰਕੇ ਦੱਸੋ?