ਅੰਮ੍ਰਿਤਸਰ ਨਗਰ ਟਰੱਸਟ ਘੁਟਾਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, ਕਰੋੜਾਂ ਦੀ ਰਾਸ਼ੀ ਬਰਾਮਦ

10/27/2017 7:52:54 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਨਗਰ ਟਰੱਸਟ ਦੇ 80 ਕਰੋੜ ਰੁਪਏ ਦੇ ਘੁਟਾਲੇ 'ਚ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 4 ਕਰੋੜ 91 ਲੱਖ ਰੁਪਏ ਦੀ ਰਾਸ਼ੀ ਬਰਾਮਦ ਕਰ ਲਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਇਸ ਘੁਟਾਲੇ ਦੀਆਂ ਹੋਰ ਪਰਤਾਂ ਖੁੱਲ੍ਹਣੀਆਂ ਅਜੇ ਬਾਕੀ ਹਨ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦਾ ਦੋਸ਼ੀ ਭਾਵੇਂ ਕੋਈ ਵੀ ਹੋਵੇ ਭਾਵੇਂ ਉਹ ਨੇਤਾ ਹੈ ਅਤੇ ਭਾਵੇਂ ਅਫਸਰ ਬਖਸ਼ਿਆ ਨਹੀਂ ਜਾਵੇਗਾ। ਸਿੱਧੂ ਨੇ ਕਿਹਾ ਕਿ ਜਿਨ੍ਹਾਂ ਨੇ ਵੀ ਲੋਕਾਂ ਦੇ ਖੂਨ ਪਸੀਨੇ ਅਤੇ ਜਨਤਾ ਦੇ ਪੈਸੇ 'ਤੇ ਕਬਜ਼ਾ ਕੀਤਾ ਹੈ, ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ।
ਸਿੱਧੂ ਨੇ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਵਿਚ ਕੁਝ ਵੱਡੇ ਨਾਮ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਜਲਦ ਮੀਡੀਆ ਸਾਹਮਣੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਗੈਂਗਸਟਰਾਂ 'ਤੇ ਅਜਿਹਾ ਸ਼ਿਕੰਜਾ ਕੱਸਿਆ ਜਾਵੇਗਾ ਕਿ ਉਹ ਆਪਣੇ ਆਪ ਹੀ ਰਫੂ ਚੱਕਰ ਹੋ ਜਾਣਗੇ।