'ਸਿੱਧੂ ਜੋੜੀ' ਨੇ ਪਟਿਆਲਾ ਵਿਖੇ ਘਰ ਦੀ ਛੱਤ 'ਤੇ ਲਾਇਆ ਕਾਲਾ ਝੰਡਾ, ਕਰ ਦਿੱਤਾ ਵੱਡਾ ਐਲਾਨ (ਤਸਵੀਰਾਂ)
Tuesday, May 25, 2021 - 11:10 AM (IST)
ਪਟਿਆਲਾ (ਰਾਜੇਸ਼ ਸ਼ਰਮਾ ਪੰਜੋਲਾ) : ਆਪਣੇ ਐਲਾਨ ਮੁਤਾਬਕ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜਾਹਰ ਕਰਨ ਲਈ ਪਟਿਆਲਾ ਸਥਿਤ ਆਪਣੀ ਰਿਹਾਇਸ਼ 'ਤੇ ਕਾਲਾ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਵੀ ਉਨ੍ਹਾਂ ਦੇ ਨਾਲ ਸੀ। ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਸਿਸਟਮ 'ਚ ਬਦਲਾਅ ਨਹੀਂ ਹੋਵੇਗਾ, ਉਦੋਂ ਤੱਕ ਇਹ ਝੰਡਾ ਨਹੀਂ ਉਤਰੇਗਾ। ਪੰਜਾਬ ਦੇ ਲੋਕ ਅਤੇ ਕਿਰਸਾਨੀ ਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਪੰਜਾਬ ਕਦੋਂ ਖ਼ੁਦਮੁਖਤਿਆਰੀ ਦੀ ਰਾਹ 'ਤੇ ਚੱਲੇਗਾ।
ਇਹ ਵੀ ਪੜ੍ਹੋ : 'ਕੈਪਟਨ' ਵੱਲੋਂ ਕੀਤੀ ਗਈ ਅਪੀਲ ਨੂੰ ਭਾਕਿਯੂ ਨੇ ਕੀਤਾ ਰੱਦ, ਜਾਣੋ ਕੀ ਰਿਹਾ ਕਾਰਨ
ਉਨ੍ਹਾਂ ਕਿਹਾ ਕਿ ਪਿਛਲੇ 20-25 ਸਾਲਾਂ ਤੋਂ ਸੂਬੇ ਦੇ ਕਿਸਾਨਾਂ ਸਿਰ ਕਰਜ਼ਾ ਲਗਾਤਾਰ ਵੱਧ ਰਿਹਾ ਹੈ, ਜਦੋਂ ਕਿ ਆਮਦਨ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਉਪਜ ਵੀ ਘੱਟ ਰਹੀ ਹੈ, ਜੋ ਪੰਜਾਬ ਦੇ ਹਰ ਛੋਟੇ-ਵੱਡੇ ਕਿਸਾਨ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਜ਼ਤ ਦੀ ਰੋਟੀ ਲਈ ਪੰਜਾਬ ਦੇ ਕਿਸਾਨਾਂ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਇਹ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੀ ਹਾਲਤ ਨੂੰ ਬਦ ਤੋਂ ਬਦਤਰ ਬਣਾਉਣ ਲਈ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੇ ਮਸਲਿਆਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ਨੇ ਉੱਪਰ ਨਹੀਂ ਉੱਠਣਾ।
ਇਹ ਵੀ ਪੜ੍ਹੋ : ਲੁਧਿਆਣਾ ਦੇ ਨੌਜਵਾਨ ਨੇ ਅਰੁਣਾਚਲ ਪ੍ਰਦੇਸ਼ ਨੂੰ ਸੋਸ਼ਲ ਮੀਡੀਆ ’ਤੇ ਦੱਸਿਆ ਚਾਇਨਾ ਦਾ ਹਿੱਸਾ, ਕੇਸ ਦਰਜ
ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਦੀ ਹਰ ਰਾਹ ਕਿਸਾਨੀ ਤੋਂ ਹੋ ਕੇ ਜਾਂਦੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਵੱਲੋਂ ਆਪਣੇ ਘਰ ਦੀ ਛੱਤ 'ਤੇ ਲਾਇਆ ਗਿਆ ਕਾਲਾ ਝੰਡਾ ਕਾਲੇ ਕਾਨੂੰਨਾਂ ਨੂੰ ਠੁਕਰਾਉਣ ਦੀ ਨਿਸ਼ਾਨੀ ਹੈ। ਨਵਜੋਤ ਸਿੱਧੂ ਨੇ ਵੱਡਾ ਐਲਾਨ ਕਰਦਿਆਂ ਕਿਹਾ ਜਦੋਂ ਤੱਕ ਇਹ ਸਿਸਟਮ ਨਹੀਂ ਬਦਲੇਗਾ, ਉਦੋਂ ਤੱਕ ਉਨ੍ਹਾਂ ਦੇ ਘਰ ਦੀ ਛੱਤ 'ਤੇ ਲੱਗਾ ਕਾਲਾ ਝੰਡਾ ਨਹੀਂ ਉਤਰੇਗਾ। ਦੱਸਣਯੋਗ ਹੈ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਕਰਨ ਲਈ ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਲਿਖੋ ਆਪਣੀ ਰਾਏ