ਕਰਤਾਰਪੁਰ ਲਾਂਘੇ ''ਤੇ ਸੁਸ਼ਮਾ ਸਵਰਾਜ ਦੀ ਨਵਜੋਤ ਸਿੱਧੂ ਨੂੰ ਫਟਕਾਰ!

09/18/2018 11:01:11 AM

ਨਵੀਂ ਦਿੱਲੀ/ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁਸ਼ਮਾ ਸਵਰਾਜ ਨੂੰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਪਾਕਿਸਤਾਨ ਨਾਲ ਗੱਲਬਾਤ ਦੀ ਪਹਿਲ ਕਰਨ 'ਚ ਮਦਦ ਮੰਗੀ। ਇਸ ਬਾਰੇ ਬੋਲਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਸੁਸ਼ਮਾ ਸਵਰਾਜ ਨੇ ਕਰਤਾਰਪੁਰ ਲਾਂਘੇ ਦੀ ਗੱਲ ਕਰਨ 'ਚ ਗੜਬੜ ਕਰਨ ਲਈ ਨਵਜੋਤ ਸਿੰਘ ਸਿੱਧੂ ਨੂੰ ਫਟਕਾਰ ਲਾਈ ਹੈ ਅਤੇ ਨਿਜੀ ਦੌਰੇ ਲਈ ਦਿੱਤੀ ਗਈ ਸਿਆਸੀ ਮਨਜ਼ੁਰੀ ਦਾ ਗਲਤ ਇਸਤੇਮਾਲ ਕਰਕੇ ਸਾਡੇ ਫੌਜੀਆਂ ਦੇ ਕਤਲ ਲਈ ਜ਼ਿੰਮੇਵਾਰ ਪਾਕਿ ਫੌਜ ਮੁਖੀ ਨੂੰ ਗਲੇ ਲਾਉਣ ਲਈ ਵੀ ਸੁਸ਼ਮਾ ਸਵਰਾਜ ਨੇ ਸਿੱਧੂ ਨੂੰ ਝਾੜ ਪਾਈ। ਸੂਤਰਾਂ ਮੁਤਾਬਕ ਸਿੱਧੂ ਨੇ ਇਕ ਹੋਰ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਦੇ ਨਾਲ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਸਿੱਧੂ ਨੇ ਆਪਣੇ ਪਾਕਿਸਤਾਨ ਦੌਰੇ ਦੌਰਾਨ ਪਾਕਿ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਗਲੇ ਮਿਲ ਕੇ ਵਿਵਾਦ ਪੈਦਾ ਕਰ ਦਿੱਤਾ ਸੀ।