ਨਵਜੋਤ ਸਿੱਧੂ ਦਾ U-Turn! 500 ਕਰੋੜ ''ਚ CM ਪੋਸਟ ਵਾਲੇ ਬਿਆਨ ''ਤੇ ਦਿੱਤੀ ਸਫ਼ਾਈ
Monday, Dec 08, 2025 - 11:27 AM (IST)
ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਦੀ ਕੁਰਸੀ ਲਈ '500 ਕਰੋੜ ਰੁਪਏ ਦੇ ਅਟੈਚੀ' ਵਾਲੇ ਬਿਆਨ 'ਤੇ ਸਿਆਸੀ ਹੰਗਾਮਾ ਮਚਣ ਤੋਂ ਬਾਅਦ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਯੂ-ਟਰਨ ਲੈ ਲਿਆ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਸਿੱਧੇ-ਸਾਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਤੋਂ ਕਦੇ ਵੀ ਕੁਝ ਵੀ ਨਹੀਂ ਮੰਗਿਆ।
ਡਾ. ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਉਨ੍ਹਾਂ ਨੂੰ ਬੜੀ ਹੈਰਾਨੀ ਹੋਈ ਹੈ ਕਿ ਉਨ੍ਹਾਂ ਦੇ ਸਿੱਧੇ ਸਾਦੇ ਬਿਆਨ ਨੂੰ ਤੋੜ ਮਰੋੜ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਨਵਜੋਤ ਕਿਸੇ ਦੂਜੀ ਪਾਰਟੀ ਤੋਂ ਮੁੱਖ ਮੰਤਰੀ ਦਾ ਚਿਹਰਾ ਬਣ ਸਕਦੇ ਹਨ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਸਾਡੇ ਕੋਲ ਮੁੱਖ ਮੰਤਰੀ ਦੇ ਅਹੁਦੇ ਦੇ ਬਦਲੇ ਦੇਣ ਲਈ ਕੋਈ ਪੈਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਬਿਆਨ ਨੂੰ ਧਿਆਨ ਨਾਲ ਸੁਣਿਆ ਜਾਣਾ ਚਾਹੀਦਾ ਹੈ।

ਦੱਸ ਦਈਏ ਕਿ ਚੰਡੀਗੜ੍ਹ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਸਿਆਸਤ ਵਿਚ ਤਾਂ ਹੀ ਸਰਗਰਮ ਹੋਣਗੇ ਜੇ ਕਾਂਗਰਸ ਉਨ੍ਹਾਂ ਨੂੰ CM ਚਿਹਰਾ ਬਣਾਏਗੀ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਸੀ ਕਿ ਕੋਈ ਵੀ ਪਾਰਟੀ ਉਨ੍ਹਾਂ ਨੂੰ ਪੰਜਾਬ ਨੂੰ ਸੁਧਾਰਨ ਦੀ ਤਾਕਤ ਦੇਵੇ ਤਾਂ ਉਹ ਪੰਜਾਬ ਨੂੰ Golden State ਬਣਾ ਸਕਦੇ ਹਨ। ਉਨ੍ਹਾਂ ਆਖਿਆ ਸੀ ਕਿ ਉਨ੍ਹਾਂ ਕੋਲ ਕਿਸੇ ਪਾਰਟੀ ਨੂੰ ਦੇਣ ਲਈ ਪੈਸੇ ਨਹੀਂ ਹਨ, ਪਰ ਉਹ ਨਤੀਜੇ ਦੇ ਸਕਦੇ ਹਨ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਕਿਸੇ ਨੇ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕੀਤੀ ਹੈ ਤਾਂ ਉਨ੍ਹਾਂ ਕਿਹਾ ਸੀ ਕਿ ਸਾਡੇ ਤੋਂ ਕਿਸੇ ਨੇ ਮੰਗ ਤਾਂ ਨਹੀਂ ਕੀਤੀ, ਪਰ CM ਉਹੀ ਬਣਦਾ ਹੈ ਜੋ 500 ਕਰੋੜ ਦੀ ਅਟੈਚੀ ਦਿੰਦਾ ਹੈ।
