ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼! ਨਵਜੋਤ ਸਿੱਧੂ ਨੂੰ ਲੀਗਲ ਨੋਟਿਸ

Tuesday, Dec 09, 2025 - 01:06 PM (IST)

ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼! ਨਵਜੋਤ ਸਿੱਧੂ ਨੂੰ ਲੀਗਲ ਨੋਟਿਸ

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਇਕ ਵਾਰ ਫ਼ਿਰ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੌਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕੀਤੇ ਜਾਣ ਮਗਰੋਂ ਹੁਣ ਲੀਗਲ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭੇਜਿਆ ਹੈ। 

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਨੋਟਿਸ ਡਾ. ਸਿੱਧੂ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਭੇਜਿਆ ਹੈ। ਨੋਟਿਸ ਵਿਚ ਰੰਧਾਵਾ ਨੇ ਡਾ. ਸਿੱਧੂ ਨੂੰ 7 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਲਈ ਆਖ਼ ਦਿੱਤਾ ਹੈ। ਅਜਿਹਾ ਨਾ ਕਰਨ 'ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ। 

'ਗੈਂਗਸਟਰਾਂ ਨਾਲ ਲਿੰਕ' ਦੇ ਲਾਏ ਸੀ ਦੋਸ਼

ਦਰਅਸਲ, ਡਾ. ਨਵਜੋਤ ਕੌਰ ਸਿੱਧੂ ਨੇ ਬੀਤੇ ਦਿਨੀਂ ਇਕ ਨਿੱਜੀ ਚੈਨਲ 'ਤੇ ਗੱਲਬਾਤ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਸਣੇ ਹੋਰ ਕਈ ਆਗੂਆਂ 'ਤੇ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਸੁਖਜਿੰਦਰ ਰੰਧਾਵਾ ਦੇ ਗੈਂਗਸਟਰਾਂ ਨਾਲ ਲਿੰਕ ਹਨ। ਇਸ ਤੋਂ ਇਲਾਵਾ ਉਨ੍ਹਾਂ 'ਤੇ ਹੋਰ ਵੀ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਸਨ। ਰੰਧਾਵਾ ਨੇ ਤੁਰੰਤ ਪ੍ਰਤੀਕਿਰਿਆ ਦਿੰਦੇ ਹੋਏ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠਾ ਦੱਸਿਆ ਅਤੇ ਹੁਣ ਆਪਣੇ ਵਕੀਲ ਰਾਹੀਂ ਲੀਗਲ ਨੋਟਿਸ ਭੇਜ ਕੇ ਆਖ਼ਿਆ ਹੈ ਕਿ ਅਜਿਹੇ ਬਿਆਨਾਂ ਨਾਲ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਛਵੀ ਨੂੰ ਡੂੰਘਾ ਧੱਕਾ ਲੱਗਾ ਹੈ ਅਤੇ ਇਹ ਮਾਣਹਾਨੀ  ਦਾ ਮਾਮਲਾ ਬਣਦਾ ਹੈ। 


author

Anmol Tagra

Content Editor

Related News