ਨਵਜੋਤ ਸਿੱਧੂ ਵਾਲੇ ਸਿਆਸੀ ਫਰੰਟ ਨਾਲ ਕੋਈ ਫਰਕ ਨਹੀਂ ਪੈਣਾ : ਸੁਖਬੀਰ

09/21/2016 5:50:21 PM

ਜਲਾਲਾਬਾਦ (ਗੁਲਸ਼ਨ, ਗੋਇਲ) : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸੱਤਾ ਪ੍ਰਾਪਤੀ ਦੀ ਲਾਲਸਾ ਕਾਰਣ ''ਆਪ'' ਨੇ ਦਿੱਲੀ ਵਾਸੀਆਂ ਨਾਲ ਧੋਖਾ ਕੀਤਾ ਹੈ ਅਤੇ ਪਾਰਟੀ ਪੂਰੀ ਤਰ੍ਹਾਂ ਨਾਲ ਆਪਣੀ ਜ਼ਿੰਮੇਵਾਰੀ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ''ਆਪ'' ਆਗੂਆਂ ਨੇ ਦਿੱਲੀ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਵਿਸਾਰ ਦਿੱਤਾ ਹੈ ਅਤੇ ਰਾਜਧਾਨੀ ਇਸ ਸਮੇਂ ਵਿਕਾਸ ਪੱਖੋਂ ਪੱਛੜ ਚੁੱਕੀ ਹੈ ਅਤੇ ਦਿੱਲੀ ਸਰਕਾਰ ਲੋਕਾਂ ਦੀਆਂ ਆਸਾਂ ''ਤੇ ਭੋਰਾ ਵੀ ਖਰੀ ਨਹੀਂ ਉਤਰੀ।
ਜਲਾਲਾਬਾਦ ਹਲਕੇ ਦੇ ਪਿੰਡਾਂ ਦੇ ਸੰਗਤ ਦਰਸ਼ਨ ਦੌਰਾਨ ਉੱਪ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਫਰੰਟ ਜਾਂ ਆਵਾਜ਼-ਏ-ਪੰਜਾਬ ਨਾਲ ਕੋਈ ਫਰਕ ਨਹੀਂ ਪੈਣਾ ਅਤੇ ਪੰਜਾਬ ਦੀ ਸਿਆਸਤ ਵਿਚ ਸਿੱਧੂ ਕੋਈ ਪ੍ਰਭਾਵ ਨਹੀਂ ਪਾ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਲਗਾਤਾਰ ਤੀਜੀ ਵਾਰ ਵੀ ਪੰਜਾਬ ਵਿਚ ਸੇਵਾ ਸੰਭਾਲੇਗਾ। ਇਸ ਤੋਂ ਪਹਿਲਾਂ ਜਲਾਲਾਬਾਦ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸੰਗਤ ਦਰਸ਼ਨ ਦੌਰਾਨ ਬਾਦਲ ਨੇ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ।

Gurminder Singh

This news is Content Editor Gurminder Singh