ਕਰਤਾਰਪੁਰ ਲਾਂਘੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ

09/17/2018 5:54:13 PM

ਨਵੀਂ ਦਿੱਲੀ\ਚੰਡੀਗੜ੍ਹ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲਣ ਲਈ ਪਾਕਿਸਤਾਨ ਸਰਕਾਰ ਵੀ ਸਹਿਮਤੀ ਜ਼ਾਹਰ ਕਰ ਚੁੱਕੀ ਹੈ ਅਤੇ ਜਲਦ ਹੀ ਇਹ ਉਮੀਦ ਹਕੀਕਤ ਵਿਚ ਬਦਲ ਜਾਵੇਗੀ। 

ਸਿੱਧੂ ਨੇ ਕਿਹਾ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਵਿਚ ਉਨ੍ਹਾਂ ਭਾਰਤ ਸਰਕਾਰ ਵਲੋਂ ਪਾਕਿਸਤਾਨ ਸਰਕਾਰ ਨਾਲ ਇਸ ਬਾਬਤ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ ਸਿੱਖ ਧਰਮ ਦੇ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਦੇ ਰਹਿਬਰ ਸਨ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਿਚ ਉਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਸਰ ਕੀਤੇ ਸਨ, ਇਸ ਅਸਥਾਨ ਦੀ ਅਹਿਮੀਅਤ ਨੂੰ ਦੇਖਦਿਆਂ ਹੋਇਆਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਕਰਤਾਰਪੁਰ ਕਾਰੀਡੋਰ ਖੋਲ੍ਹਿਆ ਜਾਵੇ ਤਾਂ ਜੋ ਸਮੁੱਚੀ ਸੰਗਤ ਗੁਰੂ ਸਾਹਿਬ ਦੇ ਜਨਮ ਦਿਹਾੜੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕੇ।


Related News