ਨਵਜੋਤ ਸਿੱਧੂ ਨੇ ਇਮਰਾਨ ਨੂੰ ਲਿਖੀ ਚਿੱਠੀ, ਕੀਤੀਆਂ ਇਹ ਮੰਗਾਂ

01/20/2019 7:10:22 PM

ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖਾਨ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਸਾਹਿਬ ਕੰਪਲੈਕਸ ਦੀ ਅਸਲ ਦਿੱਖ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਸਿੱਧੂ ਨੇ ਚਿੱਠੀ ਵਿਚ ਲਿਖਿਆ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਨਾ ਕੀਤਾ ਜਾਵੇ। ਸਿੱਧੂ ਨੇ ਲਿਖਿਆ ਹੈ ਕਿ ਕਰਤਾਰਪੁਰ ਸਾਹਿਬ ਦੇ ਨੇੜੇ ਹੋਰ ਇਮਾਰਤਾਂ ਨਾ ਬਣਾਈਆ ਜਾਣ ਅਤੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੇ ਸ਼ਰਧਾਲੂਆਂ ਨੂੰ ਪੈਦਲ ਹੀ ਗੁਰਦੁਆਰਾ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਜਾਵੇ। 
ਸਿੱਧੂ ਨੇ ਲਿਖਿਆ ਕਿ ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਇਕ ਪਵਿੱਤਰ ਸਥਾਨ ਹੈ, ਜਿੱਥੇ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦੇ ਆਖਰੀ 18 ਸਾਲ ਦਾ ਸਮਾਂ ਗੁਜ਼ਾਰਿਆ ਸੀ। ਇਸ ਲਈ ਇਸ ਸਥਾਨ ਦੀ ਇਤਿਹਾਸਕ ਦਿੱਖ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂ ਗੁਰੂ ਸਾਹਿਬ ਦੇ ਸਥਾਨ ਦੇ ਦਰਸ਼ਨ ਦੀਦਾਰ ਕਰ ਸਕਣ। ਸਿੱਧੂ ਵਲੋਂ ਲਿਖੀ ਗਈ ਇਸ ਚਿੱਠੀ ਵਿਚ ਕੁਝ ਹੋਰ ਮੰਗਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਇਸ ਚਿੱਠੀ ਵਿਚ ਸਿੱਧੂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ਦੇ 104 ਏਕੜ ਦੇ ਘੇਰੇ ਅੰਦਰ ਕਿਸੇ ਵੀ ਕਿਸਮ ਦੀ ਉਸਾਰੀ ਨਾ ਕੀਤੇ ਜਾਣ ਦੀ ਮੰਗ ਕੀਤੀ ਹੈ। ਚਿੱਠੀ ਵਿਚ ਸੁਝਾਅ ਦਿੰਦੇ ਹੋਏ ਸਿੱਧੂ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜ਼ਮੀਨ 'ਤੇ ਫਸਲਾਂ ਬੀਜੀਆਂ ਜਾਣ ਜਿਹੜੀਆਂ ਗੁਰਦੁਆਰਾ ਸਾਹਿਬ 'ਚ ਆਉਣ ਵਾਲੇ ਸ਼ਰਧਾਲੂਆਂ ਦੇ ਲੰਗਰ ਲਈ ਵਰਤੀਆਂ ਜਾ ਸਕਦੀਆਂ ਹਨ। ਗੁਰੂ ਨਾਨਕ ਦੇਵ ਜੀ ਦੇ ਖੂਹ ਬਾਰੇ ਵੀ ਗੱਲ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿੱਧੂ ਨੇ ਬਿਮਾਰ, ਬਜ਼ੁਰਗ, ਬੱਚਿਆਂ ਤੇ ਸਰੀਰਕ ਤੌਰ 'ਤੇ ਅਪਾਹਜ ਸ਼ਰਧਾਲੂਆਂ ਨੂੰ ਚੰਗੀਆਂ ਸਹੂਲਤਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ।ਸਿੱਧੂ ਨੇ ਇਮਰਾਨ ਖ਼ਾਨ ਕੋਲ ਕਰਤਾਰਪੁਰ ਸਾਹਿਬ ਕੰਪਲੈਕਸ ਅੰਦਰ ਕੂੜੇ ਖ਼ਾਸ ਕਰਕੇ ਪਲਾਸਟਿਕ ਦੇ ਨਿਪਟਾਰੇ ਅਤੇ ਡੱਬਾਬੰਦ ਖਾਣੇ ਦੇ ਪੁਖ਼ਤਾ ਪ੍ਰਬੰਧਾਂ ਬਾਰੇ ਵੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਆਸ-ਪਾਸ ਲੋਕਲ ਬਾਜ਼ਾਰ ਲਾਏ ਜਾਣ। ਕਿਸੇ ਕਿਸਮ ਦਾ ਸ਼ਾਪਿੰਗ ਮਾਲ ਜਾਂ ਹੋਰ ਉਸਾਰੀ ਨਾ ਕੀਤੀ ਜਾਵੇ। ਇਨ੍ਹਾਂ ਵਿਚ ਫਾਸਟ ਫੂਡ ਤੇ ਪਲਾਸਟਿਕ ਵੇਚਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਤੋਂ ਪਹਿਲਾਂ ਅਮਰੀਕੀ ਸਿੱਖ ਕੌਂਸਲ (ਏ. ਐੱਸ. ਸੀ.) ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਆਪਣੀਆਂ ਇਨ੍ਹਾਂ ਮੰਗਾਂ ਸਬੰਧੀ ਚਿੱਠੀ ਲਿਖ ਚੁੱਕੀ ਹੈ। ਏ. ਐੱਸ. ਸੀ. ਨੇ ਆਪਣੇ ਬਿਆਨ ਵਿਚ ਕਿਹਾ ਸੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਦੇਸ਼ ਤੇ ਦੁਨੀਆ ਤੋਂ ਵੱਡੀ ਗਿਣਤੀ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਦੇ ਰਹਿਣ ਲਈ ਸਰਾਂਵਾਂ ਜਾਂ ਹੋਰ ਨਿਰਮਾਣ ਕੰਪਲੈਕਸ ਤੋਂ ਕੁਝ ਦੂਰੀ 'ਤੇ ਹੀ ਬਣਾਏ ਜਾਣ ਤਾਂ ਕਿ ਗੁਰਦੁਆਰਾ ਸਾਹਿਬ ਦੀ ਕੁਦਰਤੀ ਦਿੱਖ 'ਤੇ ਕੋਈ ਅਸਰ ਨਾ ਪਵੇ।


Gurminder Singh

Content Editor

Related News