100 ਕਰੋੜ ਦੀ ਲਾਗਤ ਬਦਲੇਗੀ ਮੋਗਾ ਸ਼ਹਿਰ ਦੀ ਨੁਹਾਰ : ਸਿੱਧੂ
Sunday, Feb 17, 2019 - 05:57 PM (IST)
ਮੋਗਾ (ਗੋਪੀ ਰਾਊਕੇ)— ਮੋਗਾ ਸ਼ਹਿਰ ਦੀਆਂ ਚਿਰਾਂ ਤੋਂ ਲਟਕਦੀਆਂ ਮੁੱਖ ਮੰਗਾਂ ਦੇ ਹੱਲ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਸਬੰਧੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ 100 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਖਰਚਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਅੱਜ ਸਥਾਨਕ ਇਕ ਪੈਲੇਸ ਵਿਖੇ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਮਸਲੇ 'ਤੇ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਕੀਤਾ। ਨਵਜੋਤ ਸਿੰਘ ਸਿੱਧੂ ਨੇ ਰਾਸ਼ੀ ਦਾ ਐਲਾਨ ਕਰਦੇ ਕਿਹਾ ਕਿ ਮੋਗਾ ਸ਼ਹਿਰ ਦੇ ਬੁਨਿਆਦੇ ਢਾਂਚੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੱਗੇ ਸੰਬੋਧਨ ਕਰਦੇ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਗਏ ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸ਼ਹਿਰਾਂ ਦੇ ਨਾਲ-ਨਾਲ ਕਸਬਿਆਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਸੀਵਰੇਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਹਰ ਯੋਗ ਯਤਨ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਜਿੱਥੇ 40 ਕਰੋੜ ਰੁਪਏ ਦੇ ਟੈਂਡਰ ਜਲਦੀ ਲਗਾਏ ਜਾਣਗੇ, ਉੱਥੇ ਹੀ 2.50 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ 'ਚ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਸਮੁੱਚਾ ਸ਼ਹਿਰ ਜਗਮਗਾ ਕਰ ਉਠੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਮੋਗਾ ਸ਼ਹਿਰ ਦੇ ਲੋੜਵੰਦ ਵਿਅਕਤੀਆਂ ਨੂੰ 500 ਖੋਖੇ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਬਾਂਹ ਫੜੀ ਹੈ ਅਤੇ ਰੋਜ਼ਗਾਰ ਮੁਹੱਈਆ ਕਰਵਾਇਆ ਹੈ ਜਦਕਿ ਇਸ ਤੋਂ ਇਲਾਵਾ 37 ਕਰੋੜ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ। ਮੀਟਿੰਗ ਦੌਰਾਨ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਵੱਲੋਂ ਮੋਗਾ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਮੰਤਰੀ ਨਵਜੋਤ ਸਿੱਧੂ ਦੇ ਧਿਆਨ 'ਚ ਲਿਆਂਦੀਆਂ ਅਤੇ ਉਨ੍ਹਾਂ ਨੇ ਟ੍ਰੈਫਿਕ ਸਮੱਸਿਆ ਦੇ ਹੱਲ ਸਮੇਤ ਬੇਸਹਾਰਾ ਜਾਨਵਰਾਂ ਦੀ ਸਮੱਸਿਆਂ ਤੋਂ ਨਿਜਾਤ ਦਿਵਾਉਣ ਲਈ ਠੋਸ ਉਪਰਾਲੇ ਕਰਨ ਦੀ ਮੰਗ ਕੀਤੀ।
ਇਸ ਉਪਰੰਤ ਸੰਬੋਧਨ ਕਰਦੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਵੱਡੀਆਂ ਰਿਆਇਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਕਾਂਗਰਸ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁਕਣ ਲਈ ਯਤਨਸ਼ੀਲ ਹੈ। ਅੰਤ 'ਚ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਜੋ ਉਨ੍ਹਾਂ ਨੇ ਫੰਡ ਮੁਹੱਈਆ ਕਰਵਾਏ ਹਨ, ਉਸ ਲਈ ਮੋਗਾ ਸ਼ਹਿਰ ਉਨ੍ਹਾਂ ਦਾ ਰਿਣੀ ਰਹੇਗਾ ਅਤੇ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕਾਂਗਰਸ ਦੇ ਜਿਲਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਸਾਬਕਾ ਕੈਬਨਿਟ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹਾਂਸ, ਵਧੀਕ ਡਿਪਟੀ ਕਮਿਸ਼ਨਰ ਅਜੇ ਸੂਦ ਅਤੇ ਹੋਰ ਆਗੂ, ਵਰਕਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਇਸ ਉਪਰੰਤ ਨਵਜੋਤ ਸਿੰਘ ਸਿੱਧੂ ਵੱਲੋਂ ਪਿੰਡ ਘਲੋਟੀ ਵਿਖੇ ਜਾ ਕੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 44 ਫੌਜੀਆਂ 'ਚ ਪਿੰਡ ਘਲੋਟੀ ਦੇ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਨੂੰ ਸਿੱਧੂ ਵੱਲੋਂ 'ਨੋ ਕੁਮੈਂਟਸ' ਕਹਿ ਕੇ ਟਾਲ ਦਿੱਤਾ ਗਿਆ।