ਪਾਕਿਸਤਾਨ ਜਾਣ ਲਈ 'ਸਿੱਧੂ' ਨੇ ਤੀਜੀ ਵਾਰ ਮੰਗੀ ਇਜਾਜ਼ਤ, ਦਿੱਤੀ ਚਿਤਾਵਨੀ
Thursday, Nov 07, 2019 - 03:59 PM (IST)

ਚੰਡੀਗੜ੍ਹ (ਰਮਨਜੀਤ) : ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਿਰੱਕਤ ਕਰਨ ਲਈ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਤੀਜੀ ਵਾਰ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ ਅਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਨਵਜੋਤ ਸਿੱਧੂ ਨੇ ਆਪਣੀ ਚਿੱਠੀ 'ਚ ਲਿਖਿਆ ਕਿ ਵਾਰ-ਵਾਰ ਯਾਦ ਕਰਵਾਉਣ 'ਤੇ ਵੀ ਉਨ੍ਹਾਂ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਰੋਹ ਸਬੰਧੀ ਪਾਕਿਸਤਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ।
ਨਵਜੋਤ ਸਿੱਧੂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਪਾਕਿਸਤਾਨ ਜਾਣ ਨਾਲ ਕੋਈ ਪਰੇਸ਼ਾਨੀ ਖੜ੍ਹੀ ਹੋ ਸਕਦੀ ਹੈ ਤਾਂ ਉਹ ਦੇਸ਼ ਦਾ ਕਾਨੂੰਨ ਮੰਨਣ ਵਾਲੇ ਨਾਗਰਿਕ ਵਜੋਂ ਪਾਕਿਸਤਾਨ ਨਹੀਂ ਜਾਣਗੇ ਪਰ ਜੇਕਰ ਸਰਕਾਰ ਨੇ ਉਨ੍ਹਾਂ ਦੀ ਲਿਖੀ ਤੀਜੀ ਚਿੱਠੀ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਤਾਂ ਉਹ ਵੀ ਹਜ਼ਾਰਾਂ ਸਿੱਖ ਸ਼ਰਧਾਲੂਆਂ ਦੀ ਤਰ੍ਹਾਂ ਕਾਨੂੰਨੀ ਵੀਜ਼ੇ ਦੇ ਆਧਾਰ 'ਤੇ ਪਾਕਿਸਤਾਨ ਚਲੇ ਜਾਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਜਾਣ ਲਈ ਕੇਂਦਰ ਸਰਕਾਰ ਤੋਂ ਆਗਿਆ ਲੈਣ ਸਬੰਧੀ 2 ਵਾਰ ਚਿੱਠੀ ਲਿਖ ਚੁੱਕੇ ਹਨ, ਜਿਸ ਦਾ ਕੇਂਦਰ ਸਰਕਾਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ, ਹਾਲਾਂਕਿ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਨਵਜੋਤ ਸਿੱਧੂ ਨੂੰ ਪਾਕਿਸਤਾਨ ਦਾ ਵੀਜ਼ਾ ਦੇ ਦਿੱਤਾ ਗਿਆ ਹੈ।