ਪੰਜਾਬ ਦੇ 107 ਸ਼ਹਿਰਾਂ ''ਚ ਸੀਵਰੇਜ ਅਤੇ ਵਾਟਰ ਸਪਲਾਈ ''ਤੇ ਖਰਚੇ ਜਾਣਗੇ 1540 ਕਰੋੜ : ਸਿੱਧੂ

02/20/2018 6:43:27 AM

ਫ਼ਰੀਦਕੋਟ(ਹਾਲੀ, ਗੁਰਤੇਜ, ਜਿੰਦਲ, ਵੀਰਪਾਲ, ਗੁਰਮੀਤ, ਨਰਿੰਦਰ, ਭਾਵਿਤ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ 107 ਸ਼ਹਿਰਾਂ ਵਿਚ 1540 ਕਰੋੜ ਦੀ ਲਾਗਤ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੜਕਾਂ ਦੇ ਕੰਮ ਕਰਵਾ ਕੇ ਸੂਬੇ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਫ਼ਰੀਦਕੋਟ ਨਗਰ ਕੌਂਸਲ, ਕੋਟਕਪੂਰਾ ਅਤੇ ਜੈਤੋ ਵਿਖੇ ਕੀਤੇ ਗਏ ਸਮਾਗਮਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਫ਼ਰੀਦਕੋਟ ਜ਼ਿਲੇ ਦੇ ਨਿਵਾਸੀਆਂ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਦੱਸਿਆ ਕਿ ਸੀਵਰੇਜ, ਜਲ ਸਪਲਾਈ, ਸੜਕਾਂ ਦੇ ਕਾਰਜਾਂ ਲਈ 216.67 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕੰਮਾਂ ਦੀ ਸ਼ੁਰੂਆਤ ਆਉਂਦੇ ਕੁਝ ਦਿਨਾਂ ਵਿਚ ਹੋ ਜਾਵੇਗੀ। 
ਉਨ੍ਹਾਂ ਅਕਾਲੀ-ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਪਿਛਲੇ 10 ਸਾਲਾਂ ਵਿਚ ਪੰਜਾਬ ਨੂੰ ਰੇਤ ਖੇਤਰ 'ਚ ਪਛਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਐੱਨ. ਆਰ. ਆਈਜ਼ ਵੀਰਾਂ ਨੂੰ ਮਾਣ-ਸਤਿਕਾਰ ਦਿੰਦੀ ਹੈ ਅਤੇ ਸੂਬੇ ਦੇ ਵਿਕਾਸ ਵਿਚ ਉਨ੍ਹਾਂ ਦਾ ਯੋਗਦਾਨ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਿੰਗਲ ਵਿੰਡੋ ਸਿਸਟਮ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਮੈਂਬਰ ਲੋਕ ਸਭਾ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ 'ਤੇ ਅਕਾਲੀ-ਭਾਜਪਾ ਸਰਕਾਰ ਵੇਲੇ 24 ਨੀਂਹ ਪੱਥਰ ਰੱਖੇ ਗਏ ਸਨ, ਉਹ ਪੱਥਰ ਹੀ ਰਹਿ ਗਏ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਸੇ ਦੇ ਕੇ ਉਹ ਕੰਮ ਮੁਕੰਮਲ ਕੀਤੇ ਜਾਣਗੇ। 
ਇਸ ਤੋਂ ਪਹਿਲਾਂ ਸੁਨੀਲ ਜਾਖੜ, ਨਵਜੋਤ ਸਿੰਘ ਸਿੱਧੂ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕੰਮੇਆਣਾ ਚੌਕ 'ਚ ਅਕਾਲੀ ਸਰਕਾਰ ਵੇਲੇ ਰੱਖੇ ਗਏ ਨੀਂਹ ਪੱਥਰਾਂ ਦੀ ਧੂਫ਼-ਬੱਤੀ ਕਰ ਕੇ ਆਰਤੀ ਉਤਾਰੀ। ਉਨ੍ਹਾਂ ਨਗਰ ਕੌਂਸਲ ਵਿਚ ਸ਼ਹਿਰ ਵਾਸੀਆਂ ਦੇ ਭਰਵੇਂ ਇਕੱਠ ਨੂੰ ਵੀ ਸੰਬੋਧਨ ਕੀਤਾ। 


Related News