ਪਹਿਲੀ ਸਤੰਬਰ ਤੋਂ ਸ਼ੁਰੂ ਹੋਵੇਗਾ ਅੰਮ੍ਰਿਤਸਰ ਦਾ ਬੀ. ਆਰ. ਟੀ. ਐੱਸ. ਪ੍ਰਾਜੈਕਟ : ਸਿੱਧੂ

Friday, Jun 22, 2018 - 06:25 AM (IST)

ਪਹਿਲੀ ਸਤੰਬਰ ਤੋਂ ਸ਼ੁਰੂ ਹੋਵੇਗਾ ਅੰਮ੍ਰਿਤਸਰ ਦਾ ਬੀ. ਆਰ. ਟੀ. ਐੱਸ. ਪ੍ਰਾਜੈਕਟ : ਸਿੱਧੂ

ਚੰਡੀਗੜ੍ਹ(ਰਮਨਜੀਤ)-ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੀ. ਆਰ. ਟੀ. ਐੱਸ. ਪ੍ਰਾਜੈਕਟ ਪਹਿਲੀ ਸਤੰਬਰ ਨੂੰ ਸ਼ੁਰੂ ਹੋ ਜਾਵੇਗਾ ਅਤੇ ਇਸ ਲਈ ਲੋੜੀਂਦੀ ਬੁਨਿਆਦੀ ਢਾਂਚੇ ਅਤੇ ਹੋਰ ਨਿਰਮਾਣ ਕੰਮ 31 ਅਗਸਤ ਤੱਕ ਸਾਰੇ ਮੁਕੰਮਲ ਹੋ ਜਾਣਗੇ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਇਸ ਪ੍ਰਾਜੈਕਟ ਸਬੰਧੀ ਉਚ ਪੱਧਰੀ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੱਖਿਆ ਮੰਤਰੀ ਓ. ਪੀ. ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ, ਵਿਧਾਇਕ ਸੁਨੀਲ ਦੱਤੀ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਸਕੱਤਰ ਲੋਕ ਨਿਰਮਾਣ ਵਿਭਾਗ ਹੁਸਨ ਲਾਲ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸੋਨਾਲੀ ਗਿਰੀ ਸਮੇਤ ਹੋਰ ਉਚ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਇੱਛਾ ਜਤਾਈ ਕਿ ਸਿੱਧੂ ਖੁਦ ਵਫਦ ਦੀ ਅਗਵਾਈ ਕਰਦੇ ਹੋਏ ਜ਼ਮੀਨੀ ਹਕੀਕਤਾਂ ਜਾਣਨ ਲਈ ਅੰਮ੍ਰਿਤਸਰ ਦਾ ਦੌਰਾ ਕਰਨ। ਇਸ ਤੋਂ ਬਾਅਦ ਮੀਟਿੰਗ ਵਿਚ ਮੌਕੇ 'ਤੇ ਹੀ ਫੈਸਲਾ ਕੀਤਾ ਗਿਆ ਕਿ ਸਿੱਧੂ ਸੰਸਦ ਮੈਂਬਰ ਤੇ ਸਬੰਧਤ ਵਿਧਾਇਕਾਂ ਨੂੰ ਨਾਲ ਲੈ ਕੇ 26 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੀ. ਆਰ. ਟੀ. ਐੱਸ. ਪ੍ਰਾਜੈਕਟ ਦਾ ਦੌਰਾ ਕਰ ਕੇ ਜ਼ਮੀਨੀ ਹਕੀਕਤਾਂ ਦਾ ਮੁਆਇਨਾ ਕਰਨਗੇ ਤਾਂ ਜੋ ਇਹ ਪ੍ਰਾਜੈਕਟ ਤੈਅ ਸਮੇਂ ਅੰਦਰ ਮੁਕੰਮਲ ਹੋ ਜਾਵੇ। 


Related News